ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ
Saturday, Feb 01, 2025 - 01:55 AM (IST)
 
            
            ਅੰਮ੍ਰਿਤਸਰ (ਸਰਬਜੀਤ) - ਗੁਰਬਾਣੀ ਕੀਰਤਨ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਦਾ ਨਾਮ ਪਿਛਲੇ ਦਿਨੀ ਪਦਮ ਸ਼੍ਰੀ ਐਵਾਰਡ ਦੇ ਲਈ ਲਿਸਟ ਵਿੱਚ ਆਇਆ ਸੀ ਉਸ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਪੰਥਕ ਰਾਗੀ ਦਾ ਐਵਾਰਡ ਮਿਲ ਚੁੱਕਾ ਹੈ ਅਤੇ ਉਸ ਤੋਂ ਉੱਪਰ ਕੋਈ ਵੀ ਐਵਾਰਡ ਨਹੀਂ ਅਤੇ ਹੁਣ ਜੋ ਦੁਨਿਆਵੀ ਐਵਾਰਡ ਪਦਮ ਸ਼੍ਰੀ ਦਾ ਉਨ੍ਹਾਂ ਨੂੰ ਮਿਲਣ ਜਾ ਰਿਹਾ ਉਸ ਦੇ ਲਈ ਵੀ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਰਮਾਤਮਾ ਦੇ ਘਰ ਆਏ ਹਨ। ਉਨ੍ਹਾਂ ਕਿਹਾ ਕਿ ਇਹ ਐਵਾਰਡ ਮੈਨੂੰ ਇਕੱਲੇ ਨੂੰ ਨਹੀਂ ਮੇਰੀ ਸ਼੍ਰੇਣੀ ਦੇ ਵਿੱਚ ਜਿੰਨੇ ਵੀ ਕਿਰਤਨੀਏ ਹਨ ਉਨ੍ਹਾਂ ਸਾਰਿਆਂ ਦਾ ਹੈ।
ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਨੜੇਗਾ ਨੇ ਕਿਹਾ ਕਿ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਉਨ੍ਹਾਂ ਨੂੰ ਜੋ ਪਦਮ ਸ਼੍ਰੀ ਐਵਾਰਡ ਮਿਲਣ ਜਾ ਰਿਹਾ ਹੈ ਉਹ ਸਿੱਖ ਪੰਥ ਲਈ ਮਾਣ ਵਾਲੀ ਗੱਲ ਹੈ। ਇਸ ਦੌਰਾਨ ਭਾਈ ਹਰਜਿੰਦਰ ਸਿੰਘ ਨੂੰ ਸੂਚਨਾ ਕੇਂਦਰ ਵਿਖੇ ਸਨਮਾਨ ਵੀ ਦਿੱਤਾ ਗਿਆ।

 
                     
                             
                             
                             
                             
                             
                             
                             
                             
                             
                             
                             
                             
                             
                             
                            