ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਸ਼ਚਾਤਾਪ ਸਮਾਗਮ

Tuesday, Dec 21, 2021 - 05:27 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਸ਼ਚਾਤਾਪ ਸਮਾਗਮ

ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਪਸ਼ਚਾਤਾਪ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਪਸ਼ਚਾਤਾਪ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ, ਕਿਉਂਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲਿਆਂ ’ਚ ਪੰਜਾਬ ਦੀ ਸਰਕਾਰ ਨਾਕਾਮ ਸਾਬਤ ਹੋਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਮੇਂ ਦੌਰਾਨ ਫੜਾਏ ਗਏ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀਂ ਮਿਲ ਸਕੀ। 

PunjabKesari
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਬੇਹੱਦ ਦੁੱਖੀ ਕਰਨ ਵਾਲੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਇਥੇ ਹੀ ਪਵਿੱਤਰ ਗੁਟਕਾ ਸਾਹਿਬ ਨੂੰ ਪਾੜ ਕੇ ਸਰੋਵਰ ’ਚ ਸੁੱਟਿਆ ਗਿਆ ਪਰ ਸ਼੍ਰੋਮਣੀ ਕਮੇਟੀ ਦੋਸ਼ੀ ਨੂੰ ਪੁਲਸ ਹਵਾਲੇ ਕਰਨ ਮਗਰੋਂ ਵੀ ਉਸ ਪਾਸੋਂ ਕੋਈ ਸੱਚ ਸਾਹਮਣੇ ਨਹੀਂ ਲਿਆਂਦਾ ਗਿਆ। ਇਹ ਸਰਕਾਰ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੀ ਬਹੁਤ ਹੇਠਲੇ ਦਰਜੇ ਦੀ ਹੈ ਅਤੇ ਇਸ ਤੋਂ ਕਿਸੇ ਵੀ ਸਿੱਟੇ ਦੀ ਆਸ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਸਬੰਧ ਵਿਚ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਗਠਤ ਕੀਤਾ ਜਾਵੇ।


author

Anuradha

Content Editor

Related News