69ਵੇਂ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਹੋਇਆ ਆਯੋਜਿਤ
Friday, Jan 26, 2018 - 04:46 PM (IST)

ਫਾਜ਼ਿਲਕਾ/ਜਲਾਲਾਬਾਦ (ਸੇਤੀਆ) : ਦੇਸ਼ ਦੇ 69ਵੇਂ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਇਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਨਿਭਾਈ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦੀ ਸਮਾਰਕ ਆਸਫ਼ਵਾਲਾ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਜ਼ਿਲਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਸਹੀ ਮਾਅਨਿਆਂ ਵਿਚ ਗਣਤੰਤਰ ਦੀ ਸਥਾਪਨਾ ਹੀ ਲੋਕਾਂ ਦੇ ਸੁਪਨੇ ਸਾਕਾਰ ਕਰਨ ਵਾਲਾ ਪਹਿਲਾਂ ਮੀਲ ਪੱਥਰ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਦਹਾੜੇ ਸਦਕਾ ਹੀ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ ਅਤੇ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿਚੋਂ ਇਕ ਹੈ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਗੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ 'ਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਇਤਿਹਾਸਕ ਮੌਕੇ 'ਤੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਅਤੇ ਗਤੀਸ਼ੀਲ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਨ ਅਤੇ ਪੂਰੇ ਭਰੋਸੇ ਨਾਲ ਕੰਮ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ।