ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ

01/16/2018 12:04:48 PM

ਹੁਸ਼ਿਆਰਪੁਰ (ਘੁੰਮਣ)— ਪੁਲਸ ਲਾਈਨਜ਼ ਹੁਸ਼ਿਆਰਪੁਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਬੈਠਕ ਹੋਈ। ਬੈਠਕ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ 19, 22 ਅਤੇ 23 ਜਨਵਰੀ ਨੂੰ ਰਿਹਰਸਲਾਂ ਕਰਵਾਈਆਂ ਜਾਣਗੀਆਂ, ਜਦਕਿ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਪੁਲਸ ਲਾਈਨਜ਼ ਵਿਖੇ ਹੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ਨੂੰ ਸਫਲ ਬਣਾਉਣ ਲਈ ਵਿਭਾਗ ਸੌਂਪੀ ਗਈ ਜ਼ਿਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਪੁਲਸ ਲਾਈਨਜ਼ ਹੁਸ਼ਿਆਰਪੁਰ ਵਿਖੇ ਬੈਠਣ ਦੇ ਪ੍ਰਬੰਧ ਅਤੇ ਗਰਾਉਂਡ ਦੀ ਤਿਆਰੀ ਲਈ ਵਿਸ਼ੇਸ਼ ਤੌਰ 'ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ। 
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿੱਖਿਆ ਅਫਸਰ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਮਾਸ ਪੀ. ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਦੀ ਰੂਪ-ਰੇਖਾ ਇਕ ਯੋਜਨਾਬਧ ਤਰੀਕੇ ਨਾਲ ਬਣਾਈ ਜਾਵੇ। ਉਨ੍ਹਾਂ ਬੱਚਿਆਂ ਨੂੰ ਲੈ ਕੇ ਆਉਣ-ਜਾਣ ਲਈ ਵੀ ਬੱਸਾਂ ਦਾ ਪ੍ਰਬੰਧ ਕਰਨ ਲਈ ਕਿਹਾ। ਇਸ ਤੋਂ ਬਾਅਦ ਉਨ੍ਹਾਂ ਨੇ ਬੈਂਡ, ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਇਨਾਮਾਂ ਦੀ ਵੰਡ/ਪ੍ਰਸ਼ੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਪੀਣ ਦਾ ਪਾਣੀ, ਰਿਹਰਸਲਾਂ, ਮੁਢਲੀ ਸਿਹਤ ਸਹੂਲਤ, ਪਾਰਕਿੰਗ/ਸਕਿਊਰਿਟੀ ਅਤੇ ਟਰੈਫਿਕ ਪ੍ਰਬੰਧ, ਆਜ਼ਾਦੀ ਘੁਲਾਟੀਆਂ ਲਈ ਬੈਠਣ ਦਾ ਪ੍ਰਬੰਧ ਸਮੇਤ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। 
ਇਸ ਮੌਕੇ ਡੀ. ਐੱਸ. ਪੀ. (ਐੱਚ) ਜੰਗ ਬਹਾਦਰ ਸਿੰਘ, ਜ਼ਿਲਾ ਸਿੱਖਿਆ ਅਫਸਰ (ਸ) ਮੋਹਨ ਸਿੰਘ ਲੇਹਲ, ਤਹਿਸੀਲਦਾਰ ਹੁਸ਼ਿਆਰਪੁਰ ਅਰਵਿੰਦ ਪ੍ਰਕਾਸ਼ ਵਰਮਾ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲਾ ਭਲਾਈ ਅਫਸਰ ਸ਼ੀ੍ਰਮਤੀ ਕਮਲਜੀਤ ਰਾਜੂ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਗਦੀਸ਼ ਮਿਤਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।