ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ : CM ਚੰਨੀ

Tuesday, Oct 05, 2021 - 08:54 PM (IST)

ਚੰਡੀਗੜ੍ਹ (ਬਿਊਰੋ)-ਉੱਤਰ ਪ੍ਰਦੇਸ਼ ’ਚ ਲਖੀਮਪੁਰ ਖੀਰੀ ਦੀ ਦੁੱਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ। ਇਥੇ ਸਮਾਰਕ ਭਵਨ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰ ਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਜੇ ਸਿੱਧੂ ਅਸਤੀਫ਼ੇ ’ਤੇ ਅੜੇ ਰਹੇ ਤਾਂ ਕਾਂਗਰਸ ਕੋਲ ਤਿਆਰ ਹੈ ‘ਪਲਾਨ-ਬੀ’ : ਹਰੀਸ਼ ਚੌਧਰੀ

ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ’ਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ, ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਚੰਨੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਅ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ, ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰ ਲੈਣ ਦੀ ਆਲੋਚਨਾ ਕੀਤੀ, ਜੋ ਦੁੱਖ ਦੀ ਇਸ ਘੜੀ ’ਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁੱਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉੱਭਰੇਗੀ, ਜਿਸ ਨਾਲ ਆਖਿਰ ਕੇਂਦਰ ’ਚ ਹੀ ਨਹੀਂ ਸਗੋਂ ਬਾਕੀ ਸੂਬਿਆਂ ’ਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦੀਪ ਸਿੱਧੂ ਖ਼ਿਲਾਫ਼ ਐੱਸ. ਸੀ./ਐੱਸ. ਟੀ. ਐਕਟ ਤਹਿਤ ਜਲੰਧਰ ’ਚ ਮਾਮਲਾ ਦਰਜ

ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ, ਜੋ ਇਨਸਾਫ ਲੈਣ ਲਈ ਆਖਿਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ੍ਹ ਸੰਕਲਪ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ’ਚ ਵੀ ਸ਼ਮੂਲੀਅਤ ਕੀਤੀ ਅਤੇ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਾਏ। ਇਸ ਪ੍ਰਦਰਸ਼ਨ ’ਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।


Manoj

Content Editor

Related News