ਮੋਗਾ ਵਾਸੀਆਂ ਲਈ ਜ਼ਰੂਰੀ ਖ਼ਬਰ, ਜ਼ਿਲ੍ਹੇ ''ਚ ਇਸ ਤਾਰੀਖ਼ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Monday, Jan 03, 2022 - 04:23 PM (IST)

ਮੋਗਾ ਵਾਸੀਆਂ ਲਈ ਜ਼ਰੂਰੀ ਖ਼ਬਰ, ਜ਼ਿਲ੍ਹੇ ''ਚ ਇਸ ਤਾਰੀਖ਼ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ (ਗੋਪੀ ਰਾਊਕੇ, ਬਿੰਦਾ) : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ-144 ਅਧੀਨ ਲੋਕ ਹਿੱਤ ਨੂੰ ਧਿਆਨ ਵਿਚ ਰੱਖ ਕੇ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 31 ਜਨਵਰੀ, 2022 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਅਖ਼ੀਰ ਵਿਚ ਕਿਹਾ ਕਿ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ ਚੌਂਕ ਤੱਕ) 'ਚ ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚਾਲੂ ਰੱਖਣ ਨਾਲ ਆਮ ਜਨਤਾ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਉੱਥੇ ਵਾਹਨ ਇਕ-ਦੂਜੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰ ਕੇ ਤਕਰਾਰਬਾਜ਼ੀ ਦੇ ਹਾਲਾਤ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ. ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ-9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।

ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ
ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੱਚੀਆਂ ਖੂਹੀਆਂ ਪੁੱਟਣ ਕਰ ਕੇ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੇ ਹਾਦਸਿਆਂ ਦੀ ਰੋਕਥਾਮ ਲਈ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖ਼ਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ 'ਸੁਖਨਾ ਝੀਲ' 'ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ
ਪਿੰਡਾਂ ਅਤੇ ਸ਼ਹਿਰਾਂ ’ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ
ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿਚ ਚੋਰੀਆਂ ਅਤੇ ਹੋਰ ਭੰਨ-ਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਨ੍ਹਾਂ ਨਾਲ ਲੋਕਾਂ ਦੇ ਜਾਨ-ਮਾਲ ਨੂੰ ਨੁਕਸਾਨ ਪਹੁੰਚਣ ਅਤੇ ਠੇਸ ਲੱਗਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁੱਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਉਣ ਦਾ ਖ਼ਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ-ਆਪਣੇ ਵਾਰਡ ਦੇ ਮਿਊਂਸੀਪਲ ਕੌਂਸਲਰ ਨੂੰ ਜ਼ਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਬੇਕਾਬੂ ਹੋ ਕੇ ਡਿੱਗੀ ਕਾਰ, 2 ਔਰਤਾਂ ਦੀਆਂ ਲਾਸ਼ਾਂ ਬਰਾਮਦ
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਚਲਾਉਣ ’ਤੇ ਪਾਬੰਦੀ
ਹਰੀਸ਼ ਨਈਅਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇਕ ਪਟੀਸ਼ਨ ਵਿਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਸਿਰਫ ਰੰਗ ਪੈਦਾ ਕਰਨ ਵਾਲੇ ਪਟਾਕਿਆਂ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ. ਬੀ.(ਏ) ਅਤੇ 75(ਏ) (ਸਬੰਧਿਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ’ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News