ਪੰਜਾਬ ''ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
Thursday, Apr 02, 2026 - 11:39 AM (IST)
ਪਟਿਆਲ/ਫਿਰੋਜ਼ਪੁਰ/ਗੁਰਦਾਸਪੁਰ/ਹੁਸ਼ਿਆਰਪੁਰ/ਮਾਨਸਾ: (ਮਨਜੀਤ ਕੌਰ) : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਣਕ ਦੀ ਕਟਾਈ ਦੇ ਸੀਜ਼ਨ ਨੂੰ ਦੇਖਦੇ ਹੋਏ ਡੀਸੀਜ਼ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਤਹਿਤ ਜ਼ਿਲਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਹੁਕਮ ’ਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ’ਤੇ ਦੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੂਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਜ਼ਿਲਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲਾ ਮਾਨਸਾ ’ਚ ਰਾਤ ਸਮੇਂ ਸ਼ਾਮ 7 ਵਜੇ ਤੋਂ ਅਗਲੀ ਸਵੇਰ 6 ਵਜੇ ਤਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਕਣਕ ਦੀ ਫਸਲ ਦੀ ਕਟਾਈ ਰਾਤ ਸਮੇਂ ਕੰਬਾਇਨਾਂ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਕਤ ਦੋਵੇਂ ਹੁਕਮ 31 ਮਈ, 2026 ਤਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
ਫਾਜਿਲਕਾ (ਲੀਲਾਧਰ) : ਜ਼ਿਲ ਮੈਜਿਸਟਰੇਟ, ਫਾਜ਼ਿਲਕਾ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ। ਇਸੇ ਤਰ੍ਹਾਂ ਕਣਕ ਦੀ ਨਾੜ ਨੂੰ ਅੱਗ ਲਗਾਉਣ ਉਪਰ ਵੀ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਦੋ ਵੱਡੇ ਅਫ਼ਸਰਾਂ 'ਤੇ ਹੋ ਗਈ ਕਾਰਵਾਈ, ਅਚਾਨਕ ਹੋਈ ਗ੍ਰਿਫ਼ਤਾਰੀ
ਗੁਰਦਾਸਪੁਰ (ਹਰਮਨ) : ਵਧੀਕ ਜ਼ਿਲਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਜ਼ਿਲੇ ਦੀ ਹੱਦ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 1 ਅਪ੍ਰੈਲ 2026 ਤੋਂ 10 ਜੂਨ 2026 ਤੱਕ ਸਖ਼ਤੀ ਨਾਲ ਲਾਗੂ ਰਹਿਣਗੇ। ਜਾਰੀ ਹੁਕਮਾਂ ’ਚ ਦੱਸਿਆ ਗਿਆ ਕਿ ਅਕਸਰ ਕਣਕ ਦੀ ਵਾਢੀ ਤੋਂ ਬਾਅਦ ਕਈ ਕਿਸਾਨ ਖੇਤਾਂ ’ਚ ਬਚੀ ਨਾੜ ਨੂੰ ਅੱਗ ਲਗਾ ਦਿੰਦੇ ਹਨ। ਇਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬੁਰਾ ਅਸਰ ਪੈਂਦਾ ਹੈ। ਅੱਗ ਲੱਗਣ ਕਾਰਨ ਮਿੱਟੀ ਦੀ ਉੱਪਰੀ ਸਤ੍ਹਾ ’ਚ ਮੌਜੂਦ ਲਾਹੇਵੰਦ ਜੀਵਾਣੂ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ਘਟਦੀ ਹੈ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਵਧਾਉਣੀ ਪੈਂਦੀ ਹੈ। ਲਿਹਾਜ਼ਾ ਇਸ ਉਪਰ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ : ਨਵੇਂ ਸੈਸ਼ਨ ਦੇ ਪਹਿਲੇ ਦਿਨ ਹੀ ਖੁੱਲ੍ਹੀ ਸਰਕਾਰੀ ਸਕੂਲਾਂ ਦੀ ਵਿਵਸਥਾ ਦੀ ਪੋਲ
ਹੁਸ਼ਿਆਰਪੁਰ (ਘੁੰਮਣ) : ਜ਼ਿਲਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਜ਼ਿਲਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ। ਜ਼ਿਲਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂਹੰਦ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਸਾਫ-ਸੁਥਰਾ ਵਾਤਾਵਰਣ ਦੂਸ਼ਿਤ ਹੁੰਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ
ਮਾਲੇਰਕੋਟਲਾ (ਜ਼ਹੂਰ) : ਜ਼ਿਲਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਫਸਲਾਂ ਦੀ ਰਹਿੰਦੀ ਖੁੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
