ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
Monday, Feb 12, 2024 - 04:28 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏ. ਆਰ. ਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀ. ਈ. ਓ. ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ। ਸਿਬਿਨ ਸੀ. ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏ. ਆਰ. ਓਜ਼. ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏ. ਆਰ. ਓਜ਼. ਤੇ ਯੂ. ਟੀ. ਚੰਡੀਗੜ੍ਹ ਦੇ 10 ਏ. ਆਰ. ਓਜ਼. ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।