ਗੋਲਡੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਫਤਿਹਜੰਗ ਬਾਜਵਾ ਦਾ ਵੱਡਾ ਬਿਆਨ, 'ਆਪ' ਤੇ ਖੜ੍ਹੇ ਕੀਤੇ ਸਵਾਲ (ਵੀਡੀਓ)

Wednesday, Dec 07, 2022 - 02:13 PM (IST)

ਜਲੰਧਰ (ਵੈੱਬ ਡੈਸਕ) : ਪੰਜਾਬ ਭਾਜਪਾ ਦੀ ਕੋਰ ਕਮੇਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸੀਨੀਅਰ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਫਤਿਹਜੰਗ ਬਾਜਵਾ ਨੇ ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸੋਢੀ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਅੱਜ ਦੇੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ, ਜਿਸ ਦੀ ਪੰਜਾਬ ਵਿਚ ਸਭ ਤੋਂ ਵੱਧ ਲੋੜ ਹੈ। ਬਾਜਵਾ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਪਹਿਲਾਂ ਸੂਬੇ ਦਾ ਉਪ ਪ੍ਰਧਾਨ ਅਤੇ ਫਿਰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ, ਜਿਸ ਲਈ ਉਹ ਪਾਰਟੀ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਲੀਹ ਤੋਂ ਪੂਰੀ ਤਰ੍ਹਾਂ ਲੱਥ ਚੁੱਕਾ ਹੈ ਜਿਸ ਤੋਂ ਸੰਭਲਣ ਦੀ ਲੋੜ ਹੈ। ਬਾਜਵਾ ਨੇ ਆਖਿਆ ਕਿ ਅੱਜ ਤੋਂ ਕੁਝ ਮਹੀਨੇ ਪਹਿਲਾਂ ਹੀ ਕਈ ਲੋਕਾਂ ਨੇ ਭਾਜਪਾ 'ਚ ਸ਼ਮੂਲੀਅਤ ਕੀਤੀ ਹੈ ਅਤੇ ਉਸ ਵਿੱਚ ਜ਼ਿਆਦਾ ਸਿੱਖ ਚਿਹਰਿਆਂ ਨੂੰ ਮੌਕਾ ਦਿੱਤਾ ਹੈ ਕਿਉਂਕਿ ਭਾਜਪਾ ਹਮੇਸ਼ਾਂ ਸ਼ਹਿਰੀ ਸੀਟਾਂ 'ਤੇ ਚੋਣ ਲੜਦੀ ਆਈ ਹੈ। ਇਸ ਵਾਰ ਪਾਰਟੀ ਹਰ ਸੀਟ 'ਤੇ ਆਪਣਾ ਉਮੀਦਵਾਰ ਦੇਖਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ- ਚੜ੍ਹਦੀ ਸਵੇਰ ਮੁਕਤਸਰ 'ਚ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਦੀ ਮੌਤ

ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਮੋਸਟ ਵਾਂਟੇਡ ਅਤੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਬਾਜਵਾ ਨੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਬਾਜਵਾ ਨੇ ਕਿਹਾ ਹੈ ਕਿ ਮੈਨੂੰ ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਇਹ ਬਿਆਨ ਮੁੱਖ ਮੰਤਰੀ ਮਾਨ ਵੱਲੋਂ ਬੜੀ ਜਲਦਬਾਜ਼ੀ 'ਚ ਦਿੱਤਾ ਗਿਆ ਹੈ ਕਿਉਂਕਿ ਉਹ ਉਸ ਵੇਲੇ ਗੁਜਰਾਤ 'ਚ ਸੀ। ਬਾਜਵਾ ਨੇ ਕਿਹਾ ਕਿ ਸੂਬੇ 'ਚ ਤਾਂ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮੁੱਖ ਮੰਤਰੀ ਮਾਨ ਕੋਲੋਂ ਸਾਂਭੀ ਨਹੀਂ ਜਾ ਰਹੀ। ਜਦੋਂ ਮੁੱਖ ਮੰਤਰੀ ਮਾਨ ਨੇ ਗੋਲਡੀ ਬਰਾੜ ਨੂੰ ਡਿਟੇਨ ਕਰਨ ਦੇ ਮਾਮਲੇ ਦੀ ਪੁਸ਼ਟੀ ਕੀਤੀ ਤਾਂ ਉਨ੍ਹਾਂ ਕਿਹਾ ਕੀ AGTF ਅਤੇ RAW ਨੇ ਮਿਲ ਕੇ ਇਹ ਗ੍ਰਿਫ਼ਤਾਰੀ ਕਰਵਾਈ ਹੈ ਜਦਕਿ ਇਨ੍ਹਾਂ ਦੋਵਾਂ ਏਜੰਸੀਆਂ ਦੇ ਕਿਸੇ ਵੀ ਅਧਿਕਾਰੀ ਨੇ ਇਸ ਮਾਮਲੇ 'ਚ ਕੋਈ ਪੁਸ਼ਟੀ ਨਹੀਂ ਕੀਤੀ। 

ਬਾਜਵਾ ਨੇ ਤਿੱਖੇ ਸ਼ਬਦਾਂ 'ਚ ਕਿਹਾ ਕਿ ਜੇਕਰ ਗੋਲਡੀ ਬਰਾੜ ਗ੍ਰਿਫ਼ਤਾਰ ਹੋਇਆ ਹੈ ਤਾਂ ਜੋ ਨਿੱਜੀ ਚੈੱਨਲ 'ਤੇ ਉਸ ਦੀ ਇੰਟਰਵਿਊ ਵਾਇਰਲ ਹੋ ਰਹੀ ਹੈ ਉਹ ਕੀ ਹੈ? ਇਸ ਦਾ ਮਤਲਬ ਇਹ ਹੈ ਕਿ ਕਿਸੇ ਕੋਲ ਗੋਲਡੀ ਦੀ ਸੂਚਨਾ ਹੈ। ਬਾਜਵਾ ਨੇ ਕਿਹਾ ਕਿ ਮੈਨੂੰ ਅਜਿਹਾ ਲੱਗਦਾ ਹੈ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਇਹ ਬਿਆਨਬਾਜ਼ੀ ਦਿੱਤੀ ਹੈ। ਵਿਜੀਲੈਂਸ ਵੱਲੋਂ ਲਗਾਤਾਰ ਕਾਂਗਰਸੀ ਆਗੂਆਂ ਨੂੰ ਤਲਬ ਕੀਤੇ ਜਾਣ ਦੇ ਮਾਮਲੇ 'ਤੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਜੇਕਰ ਅਸਲ 'ਚ ਕਿਸੇ ਨੇ ਪੰਜਾਬ ਦੇ ਖਜ਼ਾਨੇ ਦੀ ਲੁੱਟ ਕੀਤੀ ਹੈ ਤਾਂ ਇਹ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਪਰ ਜੇਕਰ ਬਦਲਾਖੋਰੀ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਇਹ ਠੀਕ ਨਹੀਂ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਕੁਝ ਕਰਦਾ ਹੈ ਉਸ ਨੂੰ ਉਹੀ ਮਿਲਦਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News