10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Tuesday, Dec 03, 2024 - 05:09 AM (IST)

10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ  ਰਿਕਾਰਡ ਕਰ ਲਈ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Inder Prajapati

Content Editor

Related News