ADGP ਕਾਨੂੰਨ ਤੇ ਵਿਵਸਥਾ ਵੱਲੋਂ ਹੋਲਾ ਮਹੱਲਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

Friday, Feb 17, 2023 - 03:08 AM (IST)

ਚੰਡੀਗੜ੍ਹ/ਅਨੰਦਪੁਰ ਸਾਹਿਬ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਆਗਾਮੀ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਇਆ ਜਾ ਸਕੇ। ਹਰ ਸਾਲ 3 ਦਿਨ ਮਨਾਇਆ ਜਾਣ ਵਾਲਾ ਸਿੱਖਾਂ ਦਾ ਤਿਉਹਾਰ ਹੋਲਾ ਮਹੱਲਾ 6 ਤੋਂ 8 ਮਾਰਚ, 2023 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਰੂਪਨਗਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ.ਐੱਸ.ਪੀ.) ਰੂਪਨਗਰ ਵਿਵੇਕ ਸ਼ੀਲ ਸੋਨੀ ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਹਦਾਇਤ ਕੀਤੀ ਕਿ ਖਾਲਸੇ ਪੰਥ ਦੀ ਜਨਮ ਭੂਮੀ 'ਤੇ ਮੱਥਾ ਟੇਕਣ ਲਈ ਦੁਨੀਆ ਭਰ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
 
ਉਨ੍ਹਾਂ ਨੇ ਆਈ. ਜੀ. ਪੀ. ਅਤੇ ਐੱਸ. ਐੱਸ. ਪੀ. ਨੂੰ ਟ੍ਰੈਫਿਕ ਦੀ ਸੁਚਾਰੂ ਆਵਾਜਾਈ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਠਹਿਰ ਦੇ ਪ੍ਰਬੰਧਾਂ ਵਾਸਤੇ ਢੁੱਕਵੀਂ ਯੋਜਨਾ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਏ. ਡੀ. ਜੀ. ਪੀ. ਨੇ ਕਿਹਾ ਕਿ ਇਸ ਵਾਰ ਲੋਕਾਂ ਦੀ ਸੁਚਾਰੂ ਆਵਾਜਾਈ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਡਰੋਨ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਲੋਕਾਂ ਲਈ ਮਹੱਤਵਪੂਰਨ ਜਾਣਕਾਰੀ ਪ੍ਰਦਰਸ਼ਿਤ ਕਰਨ ਲਈ ਪ੍ਰਮੁੱਖ ਸਥਾਨਾਂ 'ਤੇ ਵੱਡੀਆਂ ਸਕਰੀਨਾਂ ਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਅਤੇ ਗੁੰਮ ਹੋਈਆਂ ਤੇ ਲੱਭੀਆਂ ਵਸਤਾਂ ਲਈ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹੋਲਾ ਮਹੱਲਾ ਦਾ ਤਿਉਹਾਰ ਪੰਜਾਬੀਆਂ ਅਤੇ ਵਿਸ਼ੇਸ਼ ਤੌਰ 'ਤੇ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਅਤੇ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ।


Manoj

Content Editor

Related News