ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਵੱਲੋਂ ਧਰਨੇ ਲਾਉਣ ਦਾ ਐਲਾਨ

Sunday, Jun 11, 2017 - 01:34 AM (IST)

ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਵੱਲੋਂ ਧਰਨੇ ਲਾਉਣ ਦਾ ਐਲਾਨ

ਨੱਥੂਵਾਲਾ ਗਰਬੀ,   (ਰਾਜਵੀਰ)- ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ, ਸੂਬਾ ਪ੍ਰਧਾਨ ਸ਼ਿੰਦਰ ਸਿੰਘ ਦੀ ਅਗਵਾਈ 'ਚ ਨੱਥੂਵਾਲਾ ਗਰਬੀ ਦੀ ਹਾਈਕੋਰਟ ਵਾਲੀ ਧਰਮਸ਼ਾਲਾ 'ਚ ਹੋਈ, ਜਿਸ 'ਚ ਮੱਧ ਪ੍ਰਦੇਸ਼ 'ਚ ਅੰਦੋਲਨ ਕਰ ਰਹੇ ਕਿਸਾਨਾਂ, ਹਰਿਆਣਾ ਅਤੇ ਸਹਾਰਨਪੁਰਨ ਵਿਖੇ ਦਲਿਤਾਂ 'ਤੇ ਹੋਏ ਅੱਤਿਆਚਾਰ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ।  ਉਕਤ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ 12 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲਾ ਹੈੱਡ ਕੁਆਰਟਰਾਂ 'ਤੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਵੋਟਾਂ ਤੋਂ ਪਹਿਲਾਂ ਕੀਤੇ ਐਲਾਨ ਮੁਤਾਬਕ ਇਸੇ ਵਿਧਾਨ ਸਭਾ ਦੇ ਇਜਲਾਸ 'ਚ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਰਜ਼ੇ ਮੁਆਫ ਨਹੀਂ ਕਰਦੀ ਤਾਂ 7 ਜੁਲਾਈ ਨੂੰ ਦੇਸ਼ ਭਗਤ ਹਾਲ ਜਲੰਧਰ ਵਿਖੇ ਕਨਵੈਨਸ਼ਨ ਕਰ ਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। 
ਇਸ ਤੋਂ ਇਲਾਵਾ ਹਰਿਆਣਾ ਅਤੇ ਸਹਾਰਨਪੁਰ ਵਿਖੇ ਦਲਿਤਾਂ 'ਤੇ ਹੋਏ ਅੱਤਿਆਚਾਰ ਦੇ ਵਿਰੋਧ ਵਿਚ 14 ਜੂਨ ਨੂੰ ਫਿਰੋਜ਼ਪੁਰ ਡੀ. ਸੀ. ਦਫਤਰ ਵਿਖੇ ਰੋਸ ਧਰਨਾ ਦੋਣ ਦਾ ਐਲਾਨ ਕੀਤਾ ਗਿਆ। ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਉਕਤ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਸਮੂਹ ਕ੍ਰਾਂਤੀਕਾਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ੁਲਮ ਅਤੇ ਜਬਰ ਦੇ ਖਾਤਮੇ ਵਾਸਤੇ ਲੋਕ ਲਹਿਰ ਖੜ੍ਹੀ ਕੀਤੀ ਜਾ ਸਕੇ। 
ਇਸ ਮੌਕੇ ਸ਼ਿੰਦਰ ਸਿੰਘ ਨੱਥੂਵਾਲਾ, ਸੁਰਜੀਤ ਸਿੰਘ ਹਰੀਏਵਾਲਾ, ਸੂਬਾ ਸਿੰਘ ਆਦਿ ਆਗੂਆਂ ਦੀ ਅਗਵਾਈ ਵਿਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਮਜ਼ਦੂਰ-ਕਿਸਾਨ ਵੀਰ ਹਾਜ਼ਰ ਸਨ।


Related News