ਹੜ੍ਹਾਂ ਦੇ ਬਾਵਜੂਦ ਝੋਨੇ ਦੀ ਆਮਦ 150 ਲੱਖ ਮੀਟ੍ਰਿਕ ਟਨ ਤੋਂ ਪਾਰ
Wednesday, Nov 12, 2025 - 05:59 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ’ਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਤੇ ਖ਼ਰੀਦ 150 ਲੱਖ ਮੀਟਰਕ ਟਨ ਦੇ ਅੰਕੜੇ ਨੂੰ ਪਾਰ ਕਰਨ ’ਚ ਸਫਲ ਹੋਈ ਹੈ।
ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਦਿਆਂ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 10 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ. ਪੀ.) ਦਾ ਲਾਭ ਦਿੱਤਾ ਗਿਆ ਹੈ। ਪਟਿਆਲਾ ਜ਼ਿਲਾ ਹੁਣ ਤੱਕ 96,852 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਪ੍ਰਦਾਨ ਕਰਕੇ ਸਭ ਤੋਂ ਅੱਗੇ ਹੈ।
10 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ’ਚ ਕੁੱਲ 1,51,80,075.88 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ’ਚੋਂ 1,50,35,129.93 ਮੀਟਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ, ਜੋ ਕਿ 99 ਫ਼ੀਸਦੀ ਬਣਦਾ ਹੈ। ਕੁੱਲ 1,35,67,492.78 ਮੀਟਰਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜੋ ਹੁਣ ਤੱਕ ਖ਼ਰੀਦੀ ਗਈ ਕੁੱਲ ਫ਼ਸਲ ਦਾ 90 ਫ਼ੀਸਦੀ ਦੇ ਕਰੀਬ ਬਣਦਾ ਹੈ। ਕਿਸਾਨਾਂ ਨੂੰ 34,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
