ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ
Friday, Oct 14, 2022 - 07:22 PM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐੱਸ. ਵਾਈ. ਐੱਲ. ’ਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ’ਤੇ ਇਸ ਗੱਲ ’ਤੇ ਜ਼ੋਰ ਦੇਣਾ ਚਾਹੀਦਾ ਸੀ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਪਾਣੀ ਦੀ ਉਪਲੱਬਧਤਾ ਚੈੱਕ ਕਰਨ ਵਾਸਤੇ ਹਰਿਆਣਾ ਵੱਲੋਂ ਗੱਲਬਾਤ ਕਰਨ ਲਈ ਵਿਛਾਏ ਜਾਲ ’ਚ ਫਸ ਗਏ।
ਇਹ ਖ਼ਬਰ ਵੀ ਪੜ੍ਹੋ : ਟੀ-20 ਵਿਸ਼ਵ ਕੱਪ : ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ੰਮੀ ਭਾਰਤੀ ਟੀਮ ’ਚ ਸ਼ਾਮਲ, BCCI ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਅਜਿਹਾ ਇਸ ਗੱਲ ਦੇ ਬਾਵਜੂਦ ਕੀਤਾ ਗਿਆ ਕਿ ਗ਼ੈਰ-ਰਾਈਪੇਰੀਅਨ ਸੂਬਾ ਹੋਣ ਦੇ ਕਾਰਨ ਹਰਿਆਣਾ ਦਾ ਮਾਮਲੇ ’ਚ ਕੋਈ ਹੱਕ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਇਸ ਗੱਲ ’ਤੇ ਵਿਚਾਰ ਨਹੀਂ ਕੀਤਾ ਕਿ ਜੇਕਰ ਪੰਜਾਬ ਅਤੇ ਹਰਿਆਣਾ ਵਿਚ ਪਾਣੀ ਘੱਟ ਉਪਲੱਬਧ ਹੈ ਤਾਂ ਦੋਵਾਂ ਦਾ ਹਿੱਸਾ ਘੱਟ ਜਾਵੇਗਾ ਪਰ ਪੰਜਾਬ ਤੋਂ ਹਰਿਆਣਾ ਨੂੰ ਪਾਣੀ ਜਾਣ ਤੋਂ ਨਹੀਂ ਰੋਕਿਆ ਜਾ ਸਕੇਗਾ। ਭਗਵੰਤ ਮਾਨ ਵੱਲੋਂ ਬਹੁਤ ਗਲਤ ਤਰੀਕੇ ਨਾਲ ਪੰਜਾਬ ਦਾ ਕੇਸ ਪੇਸ਼ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਦਾਅਵਾ ਕੀਤਾ ਕਿ ਜੇਕਰ ਸੂਬੇ ਕੋਲ ਪਾਣੀ ਹੋਇਆ ਤਾਂ ਉਹ ਐੱਸ. ਵਾਈ. ਐੱਲ. ਦੀ ਉਸਾਰੀ ’ਤੇ ਗੌਰ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਆਪ ਨੂੰ ਤੁਰੰਤ ਇਸ ਸਟੈਂਡ ਤੋਂ ਵੱਖ ਕਰਨਾ ਚਾਹੀਦਾ ਹੈ ਤੇ ਪੰਜਾਬ ਵਿਰੋਧੀ ਬਿਆਨ ਦੇਣ ਲਈ ਏ. ਜੀ. ਦੀ ਨਿਖੇਧੀ ਕਰਨੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : PCA ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ
ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੇ ਪਾਣੀ ਦੀ ਮਾਤਰਾ ਦੀ ਗੱਲ ਕੀਤੀ ਤੇ ਆਪਣੀ ਪ੍ਰੈੱਸ ਕਾਨਫਰੰਸ ’ਚ ਆਪ ਹੀ ਇਹ ਮੰਨ ਲਿਆ ਕਿ ਜਿਸ ਜ਼ਮੀਨ ’ਤੇ ਐੱਸ. ਵਾਈ. ਐੱਲ. ਸੀ, ਉਹ ਪਿਛਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਡੀਨੋਟੀਫਾਈ ਹੋ ਗਈ ਹੈ ਤੇ ਜ਼ਮੀਨ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੀ ਜਾ ਚੁੱਕੀ ਹੈ ਤੇ ਜੋ ਉਸ ’ਤੇ ਕਾਸ਼ਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਪਤਾ ਸੀ ਕਿ ਜ਼ਮੀਨ ’ਤੇ ਐੱਸ. ਵਾਈ. ਐੱਲ. ਨਾਂ ਦੀ ਕੋਈ ਨਹਿਰ ਨਹੀਂ ਹੈ ਤਾਂ ਫਿਰ ਉਨ੍ਹਾਂ ਤੇ ਏ. ਜੀ. ਨੇ ਪੰਜਾਬ ਵੱਲੋਂ ਇਹ ਵਾਅਦਾ ਕਿਉਂ ਕੀਤਾ ਕਿ ਜੇਕਰ ਪਾਣੀ ਦੀ ਮੌਜੂਦਾ ਉਪਲੱਬਧਤਾ ਦੀ ਮਿਣਤੀ ਹੋ ਗਈ ਤਾਂ ਸੂਬਾ ਐੱਸ. ਵਾਈ. ਐੱਲ. ਦੀ ਉਸਾਰੀ ’ਤੇ ਗੌਰ ਕਰੇਗਾ। ਬਾਦਲ ਨੇ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਇੱਛਾਵਾਂ ਦੇ ਖ਼ਿਲਾਫ਼ ਸੂਬੇ ਨੂੰ ਅੱਗ ਨਾ ਲਾਉਣ ਕਿਉਂਕਿ ਪੰਜਾਬੀ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ।
ਇਹ ਵੀ ਪੜ੍ਹੋ : SYL ’ਤੇ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ CM ਮਾਨ ਨੂੰ ਦਿੱਤੀ ਅਹਿਮ ਸਲਾਹ
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ, ਜੋ ਚਾਹੁੰਦੇ ਹਨ ਕਿ ਪੰਜਾਬ ਹਰਿਆਣਾ ਤੇ ਦਿੱਲੀ ਦੋਵਾਂ ਨੂੰ ਪਾਣੀ ਦੇਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਹੀ ਐੱਸ. ਵਾਈ. ਐੱਲ. ਮੁੱਦਾ ਮੁੜ ਛੇੜਿਆ ਹੈ ਤੇ ਹਰਿਆਣਾ ਨੂੰ ਆਸ ਦਿੱਤੀ ਹੈ ਕਿ ਪੰਜਾਬ ਦੇ ਦਰਿਆਈ ਪਾਣੀ ਇਸ ਨੂੰ ਐੱਸ. ਵਾਈ. ਐੱਲ. ਨਹਿਰ ਰਾਹੀਂ ਮਿਲ ਸਕਦੇ ਹਨ। ਹੁਣ ਅਜਿਹਾ ਜਾਪਦਾ ਹੈ ਕਿ ਭਗਵੰਤ ਮਾਨ ਇਕ ਪਹਿਲਾਂ ਤੋਂ ਤੈਅ ਪਟਕਥਾ ਮੁਤਾਬਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਭਗਵੰਤ ਮਾਨ ਨੂੰ ਐੱਸ. ਵਾਈ. ਐੱਲ. ’ਤੇ ਸਟੈਂਡ ਨੂੰ ਕਮਜ਼ੋਰ ਕਰਨ ਲਈ ਮੁਆਫ ਨਹੀਂ ਕਰਨਗੇ। ਅਕਾਲੀ ਦਲ ਦੇ ਪ੍ਰਧਾਨ ਨੇ ਭਗਵੰਤ ਮਾਨ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਸੁਪਰੀਮ ਕੋਰਟ ਵੱਲੋਂ ਕੀਤੀ ਹਦਾਇਤ ਦਾ ਹਵਾਲਾ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਚੇਤੇ ਹੋਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਐੱਸ. ਵਾਈ. ਐੱਲ. ਦੀ ਉਸਾਰੀ ਕਰਨ ਲਈ ਸੁਪਰੀਮ ਕੋਰਟ ਵੱਲੋਂ ਕੀਤੇ ਹੁਕਮਾਂ ਦਾ ਕੀ ਜਵਾਬ ਦਿੱਤਾ ਸੀ।