ਪਿੰਡ ਵਜੀਦਕੇ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

Saturday, Feb 26, 2022 - 03:43 PM (IST)

ਸ਼ੇਰਪੁਰ/ਮਹਿਲ ਕਲਾਂ (ਵਿਜੈ ਕੁਮਾਰ ਸਿੰਗਲਾ) : ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪਿੰਡ ਭੱਦਲਵੱਡ ਨਜ਼ਦੀਕ ਇਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਸ਼ਾਮ 7.30 ਵਜੇ ਦੇ ਕਰੀਬ ਲਵਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਵਜੀਦਕੇ ਕਲਾਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਰਨਾਲਾ ਤੋਂ ਆਪਣੇ ਪਿੰਡ ਵਜੀਦਕੇ ਕਲਾਂ ਵਿਖੇ ਪਰਤ ਰਿਹਾ ਸੀ।

ਰਸਤੇ ਵਿੱਚ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪਿੰਡ ਭੱਦਲਵੱਡ ਵਿਖੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਜ਼ਖ਼ਮੀ ਨੌਜਵਾਨ ਦੀ ਹਾਲਤ ਜ਼ਿਆਦਾ ਗੰਭੀਰ ਦੇਖਦਿਆਂ ਉਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਇਸ ਮੌਕੇ ਹਸਪਤਾਲ ਦੇ ਡਾਕਟਰਾਂ ਨੇ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਥਾਣਾ ਠੁੱਲੀਵਾਲ ਦੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਪਿਤਾ ਕੇਵਲ ਸਿੰਘ ਵਾਸੀ ਵਜੀਦਕੇ ਕਲਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸ ਮੌਕੇ ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਮਿਸ਼ਰਾ ਬੀ. ਕੇ. ਯੂ. ਉਗਰਾਹਾਂ ਦੇ ਬਲਾਕ ਜਰਨਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਕਲਾਂ ਨੰਬਰਦਾਰ ਰਾਜਿੰਦਰ ਸਿੰਘ ਨੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੀ ਹਮਦਰਦੀ ਦਾ ਪ੍ਰਗਟਾਵਾ ਕੀਤਾ।


Babita

Content Editor

Related News