ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ ''ਚ ਗਈ ਜਾਨ
Wednesday, Oct 28, 2026 - 01:36 PM (IST)
ਨਡਾਲਾ (ਸ਼ਰਮਾ)-ਪਿੰਡ ਦਮੂਲੀਆਂ ਤੋਂ ਸੈਤਪੁਰ ਨੂੰ ਜਾਂਦੀ ਲਿੰਕ ਸੜਕ ’ਤੇ ਸਥਾਨਕ ਕਾਲਜ ਦੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰਪ੍ਰੀਤ ਸਿੰਘ (19) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਦਬੁਰਜੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਰਪ੍ਰੀਤ ਸਿੰਘ ਪਿਛਲੇ ਕਰੀਬ 15-20 ਦਿਨਾਂ ਤੋਂ ਪਿੰਡ ਰਾਏਪੁਰ ਪੀਰ ਬਖ਼ਸ਼ ਵਿਖੇ ਆਪਣੇ ਨਾਨਕੇ ਘਰ, ਮਾਮਾ ਕੇਹਰ ਸਿੰਘ ਕੋਲ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਮਰਪ੍ਰੀਤ ਸਿੰਘ ਅੰਮ੍ਰਿਤਸਰ ਵਿਖੇ ਇਕ ਕਾਰ ਏਜੰਸੀ ਵਿਚ ਨੌਕਰੀ ਕਰਦਾ ਸੀ ਅਤੇ ਅਕਸਰ ਆਪਣੇ ਨਾਨਕੇ ਪਿੰਡ ਰਾਏਪੁਰ ਪੀਰ ਬਖ਼ਸ਼ ਆਉਂਦਾ-ਜਾਂਦਾ ਰਹਿੰਦਾ ਸੀ।
ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਅਮਰਪ੍ਰੀਤ ਸਿੰਘ ਆਪਣੇ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਨਕੇ ਘਰ ਤੋਂ ਆਪਣੇ ਪਿੰਡ ਦਬੁਰਜੀ (ਅੰਮ੍ਰਿਤਸਰ) ਲਈ ਰਵਾਨਾ ਹੋਇਆ ਸੀ। ਜਦੋਂ ਉਹ ਪਿੰਡ ਦਮੂਲੀਆਂ ਤੋਂ ਸੈਤਪੁਰ ਨੂੰ ਜਾਂਦੀ ਲਿੰਕ ਸੜਕ 'ਤੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਇਕ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਅਮਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ। ਇਸ ਸਬੰਧੀ ਥਾਣਾ ਭੁਲੱਥ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ, ਉੱਡੇ ਪਰਖੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
