ਝਨੇੜੀ ਗੇਟ ਨੇੜੇ ਸੜਕ ਹਾਦਸਾ: ਭੱਠਾ ਮਜ਼ਦੂਰ ਦੀ ਮੌਕੇ ''ਤੇ ਮੌਤ, ਟੱਕਰ ਮਾਰਨ ਵਾਲਾ ਮੋਟਰਸਾਈਕਲ ਸਵਾਰ ਫ਼ਰਾਰ

Friday, Jul 31, 2026 - 03:19 AM (IST)

ਝਨੇੜੀ ਗੇਟ ਨੇੜੇ ਸੜਕ ਹਾਦਸਾ: ਭੱਠਾ ਮਜ਼ਦੂਰ ਦੀ ਮੌਕੇ ''ਤੇ ਮੌਤ, ਟੱਕਰ ਮਾਰਨ ਵਾਲਾ ਮੋਟਰਸਾਈਕਲ ਸਵਾਰ ਫ਼ਰਾਰ

ਭਵਾਨੀਗੜ੍ਹ (ਕਾਂਸਲ) : ਸੁਨਾਮ-ਪਟਿਆਲਾ ਮੁੱਖ ਸੜਕ 'ਤੇ ਪਿੰਡ ਝਨੇੜੀ ਦੇ ਗੇਟ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਭੱਠਾ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਵਾਲ-ਵਾਲ ਬਚ ਗਈ। ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲਾ ਅਣਪਛਾਤਾ ਮੋਟਰਸਾਈਕਲ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਸੁਖਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਨਕਟੇ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਮਹਿਲਾਂ ਚੌਂਕ ਤੋਂ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਜਿਵੇਂ ਹੀ ਉਹ ਪਿੰਡ ਝਨੇੜੀ ਦੇ ਗੇਟ ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆਏ ਇੱਕ ਮੋਟਰਸਾਈਕਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਦੋਵੇਂ ਸੜਕ 'ਤੇ ਡਿੱਗ ਪਏ। ਸੁਖਵਿੰਦਰ ਕੌਰ ਸੜਕ ਕਿਨਾਰੇ ਕੱਚੇ ਵਿੱਚ ਜਾ ਡਿੱਗੀ, ਜਦਕਿ ਕੁਲਦੀਪ ਸਿੰਘ ਸੜਕ 'ਤੇ ਹੀ ਡਿੱਗ ਗਿਆ। ਇਸੇ ਦੌਰਾਨ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਕੁਲਦੀਪ ਸਿੰਘ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਟੱਕਰ ਮਾਰਨ ਵਾਲਾ ਮੋਟਰਸਾਈਕਲ ਚਾਲਕ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ ਸਰਕੂਲਰ' ਨੋਟਿਸ ਜਾਰੀ

ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਮਨਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਦੋਸ਼ੀ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਦੀਪ ਸਿੰਘ ਮਹਿਲਾਂ ਚੌਂਕ ਨੇੜੇ ਇਕ ਇੱਟਾਂ ਦੇ ਭੱਠੇ 'ਤੇ ਮਜ਼ਦੂਰੀ ਕਰਦਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਪੁੱਤਰ ਛੱਡ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News