ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੜਕ ਹਾਦਸਿਆਂ ਦੇ ਪੀੜਤਾਂ ਦਾ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Tuesday, Sep 05, 2023 - 09:52 PM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੜਕ ਹਾਦਸਿਆਂ ਦੇ ਪੀੜਤਾਂ ਦਾ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

ਚੰਡੀਗੜ੍ਹ (ਬਿਊਰੋ) : ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫ਼ਤ ਇਲਾਜ ਕਰਨ ਦਾ ਫ਼ੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ 'ਚ ਜ਼ਖ਼ਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦਾ ਅਹਿਮ ਫ਼ੈਸਲਾ, ਅਮਰੀਕਾ 'ਚ ਛਾਪੇ ਜਾਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ

ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ, “ਭਾਵੇਂ ਵਿਅਕਤੀ ਕਿੱਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇਕੋ ਜਿਹਾ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।

PunjabKesari

ਡਾ. ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ 2 ਰੋਜ਼ਾ ਵਰਕਸ਼ਾਪ ਅਤੇ ਟ੍ਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟਰਤਨਮ, ਏਡੀਜੀਪੀ ਟ੍ਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮੁਨੀਸ਼ ਕੁਮਾਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੀ ਹੋ ਸਕਦਾ ਹੈ Elon Musk ਦਾ ਕਤਲ? ਡਰੇ ਹੋਏ ਨੇ ਦੁਨੀਆ ਦੇ ਸਭ ਤੋਂ ਅਮੀਰ ਸ਼ਖ਼ਸ਼ ਦੇ ਪਿਤਾ

ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’ ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਸ ਵੱਲੋਂ ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਸਿਸਟਮ ਵੀ ਬਣਾਇਆ ਜਾ ਰਿਹਾ ਹੈ, ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ। ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਓ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News