ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
Tuesday, May 19, 2026 - 05:05 PM (IST)
ਫਰੀਦਕੋਟ (ਰਾਜਨ) : ਜ਼ਿਲ੍ਹਾ ਫਰੀਦਕੋਟ ਵਿਚ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਐੱਸ. ਐੱਸ. ਪੀ. ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਿਟੀ-2 ਫਰੀਦਕੋਟ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਮਾਰੂ ਹਥਿਆਰਾਂ ਨਾਲ ਘੁੰਮ ਰਹੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਸ ਪਾਰਟੀ ਸ਼ਹਿਰ ਅੰਦਰ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਸਾਦਿਕ ਚੌਕ ਫਰੀਦਕੋਟ ਵਿਖੇ ਮੌਜੂਦ ਸੀ। ਇਸ ਦੌਰਾਨ ਇਕ ਮੁਖਬਰ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਮਾਰੂ ਹਥਿਆਰਾਂ ਨਾਲ ਸ਼ਹਿਰ ਵਿਚ ਘੁੰਮ ਰਹੇ ਹਨ ਅਤੇ ਕਿਸੇ ਵੀ ਸਮੇਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਇਤਲਾਹ ਨੂੰ ਭਰੋਸੇਯੋਗ ਮੰਨਦਿਆਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਜੀਤ ਸਿੰਘ ਵਾਸੀ ਭਾਣਾ, ਖੁਸ਼ਦੀਪ ਸਿੰਘ ਵਾਸੀ ਨਵੀਂ ਪਿੱਪਲੀ, ਸਰਬਜੀਤ ਸਿੰਘ ਵਾਸੀ ਮਾਈ ਗੋਦੜੀ ਸਾਹਿਬ, ਰਾਹੁਲ ਵਾਸੀ ਮਾਈ ਗੋਦੜੀ ਸਾਹਿਬ ਅਤੇ ਸੋਨੂੰ ਸਿੰਘ ਵਾਸੀ ਭੋਲੂਵਾਲਾ ਰੋਡ ਫਰੀਦਕੋਟ ਨੂੰ ਕਾਬੂ ਕਰਕੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਤੋਂ ਤਲਾਸ਼ੀ ਦੌਰਾਨ 1 ਕਿਰਪਾਨ, 1 ਕੁਹਾੜੀ, 2 ਡਾਂਗਾਂ, 1 ਟੋਕਾ ਅਤੇ ਚੋਰੀ ਕੀਤੇ ਹੋਏ 6 ਦੇਗੇ ਬਰਾਮਦ ਕੀਤੇ ਗਏ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਪਾਸੋਂ ਬਰਾਮਦ ਕੀਤਾ ਗਿਆ ਚੋਰੀਸ਼ੁਦਾ ਸਮਾਨ 17-18 ਮਈ ਦੀ ਰਾਤ ਨੂੰ ਅਮਰ ਆਸ਼ਰਮ ਵਿਚੋਂ ਚੋਰੀ ਕੀਤਾ ਗਿਆ ਸੀ, ਜਿਸਨੂੰ ਪੁਲਸ ਦੀ ਮੁਸ਼ਤੈਦੀ ਨਾਲ ਮੌਕੇ ’ਤੇ ਬਰਾਮਦ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਇਸ ਦੇ ਨਾਲ ਹੀ ਗ੍ਰਿਫਤਾਰ ਮੁਲਜ਼ਮਾਂ ਵਿਚ ਸ਼ਾਮਲ ਸਰਬਜੀਤ ਸਿੰਘ ਅਤੇ ਰਾਹੁਲ ਵੱਲੋਂ 16 ਮਈ ਦੀ ਰਾਤ ਨੂੰ ਡੋਗਰ ਬਸਤੀ ਵਿਚ ਸਥਿਤ ਇਕ ਮਕਾਨ ਵਿਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਨ੍ਹਾਂ ਦਾ ਪੁਰਾਣਾ ਰਿਕਾਰਡ ਵੀ ਅਪਰਾਧਿਕ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਖ਼ਿਲਾਫ ਪਹਿਲਾਂ ਵੀ ਚੋਰੀ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 6 ਮੁਕੱਦਮੇ ਦਰਜ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਪੀ.ਸੀ.ਆਰ. ਪੁਲਸ ਟੀਮਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਲੱਗੇ ਸੀ.ਸੀ.ਟੀੀ.ਵੀ. ਕੈਮਰਿਆਂ ਦੀ ਮਦਦ ਨਾਲ ਅਹਿਮ ਸੁਰਾਗ ਇਕੱਠੇ ਕੀਤੇ ਗਏ, ਜਿਸ ਨਾਲ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਮਹੱਤਵਪੂਰਨ ਸਫਲਤਾ ਮਿਲੀ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
