ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ

Tuesday, Jul 14, 2026 - 01:59 PM (IST)

ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ

ਬਠਿੰਡਾ (ਵਿਜੈ ਵਰਮਾ) : ਜ਼ਿਲ੍ਹੇ ਦੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਸੋਮਵਾਰ ਦੇਰ ਰਾਤ ਇਕ ਦਰਦਨਾਕ ਹਾਦਸੇ ਦੌਰਾਨ ਕੱਚੇ/ਪੁਰਾਣੇ ਕਮਰੇ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤਰ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਦੋਵੇਂ ਜ਼ਖ਼ਮੀਆਂ ਦਾ ਇਲਾਜ ਬਠਿੰਡਾ ਦੇ ਏਮਜ਼ ਵਿਚ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿਚ ਲੋਕ ਪੀੜਤ ਪਰਿਵਾਰ ਦੇ ਘਰ ਪੁੱਜਣ ਲੱਗੇ। ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਨਿਵਾਸੀ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਸੋਮਵਾਰ ਰਾਤ ਕਰੀਬ 11 ਵਜੇ ਘਰ ਦੇ ਇਕ ਕਮਰੇ ਵਿਚ ਸੁੱਤਾ ਹੋਇਆ ਸੀ। ਅਚਾਨਕ ਕਮਰੇ ਦੀ ਛੱਤ ਡਿੱਗ ਪਈ, ਜਿਸ ਕਾਰਨ ਅੰਦਰ ਸੁੱਤੇ ਸਾਰੇ ਪਰਿਵਾਰਕ ਮੈਂਬਰ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ ਵਿਚ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀਆਂ ਦੋ ਧੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ

ਘਟਨਾ ਵੇਲੇ ਧਰਮ ਸਿੰਘ ਕਮਰੇ ਤੋਂ ਬਾਹਰ ਸੁੱਤਾ ਹੋਇਆ ਸੀ ਜਿਸ ਕਾਰਨ ਉਸ ਦੀ ਜਾਨ ਬਚ ਗਈ। ਛੱਤ ਡਿੱਗਣ ਦੀ ਤੇਜ਼ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਮਲਬਾ ਹਟਾ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਦੋਵੇਂ ਜ਼ਖ਼ਮੀ ਧੀਆਂ ਨੂੰ ਗੰਭੀਰ ਹਾਲਤ ਵਿਚ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਪਰਿਵਾਰ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਹੈ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਇਕ ਹੀ ਪਲ ਵਿਚ ਆਈ ਇਸ ਵੱਡੀ ਤ੍ਰਾਸਦੀ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ।
ਜਨ ਪ੍ਰਤੀਨਿਧੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ : ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ

ਘਟਨਾ ਦੀ ਸੂਚਨਾ ਮਿਲਦੇ ਹੀ ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਕਈ ਜਨ ਪ੍ਰਤੀਨਿਧੀ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਪੀੜਤ ਪਰਿਵਾਰ ਦੇ ਘਰ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਜਤਾਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੁਲਸ ਅਤੇ ਪ੍ਰਸ਼ਾਸਨ ਨੇ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਮੰਨਿਆ ਜਾ ਰਿਹਾ ਹੈ ਕਿ ਖਸਤਾ ਹੋ ਚੁੱਕੀ ਛੱਤ ਅਚਾਨਕ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਪ੍ਰਸ਼ਾਸਨ ਵੱਲੋਂ ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ ਵਧਾਈ ਚਿੰਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News