ਪੰਜਾਬ ਜਲ ਸਰੋਤ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਦੀ ਮੰਗ

01/20/2019 11:50:49 AM

ਰੋਪੜ (ਤ੍ਰਿਪਾਠੀ) - ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾਈ ਕਨਵੀਨਰ ਸੁਖਵਿੰਦਰ ਸਿੰਘ, ਸੁਰਿੰਦਰ ਕੁਮਾਰ, ਕੋ-ਕਨਵੀਨਰ ਰਾਮਜੀ ਦਾਸ ਚੌਹਾਨ ਅਤੇ ਜਨਰਲ ਸਕੱਤਰ ਸਤੀਸ਼ ਰਾਣਾ ਨੇ ਇੱਕ ਸਾਂਝੇ ਬਿਆਨ ਰਾਹੀਂ ਜਲ ਸਰੋਤ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਸੰਬਰ ਮਹੀਨੇ ਦੀ ਤਨਖਾਹ ਅਜੇ ਤੱਕ ਵੀ ਜਾਰੀ ਨਾ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਅਦਾਰੇ ਦੇ ਸਮੂਹ ਮੁਲਾਜ਼ਮ ਤਨਖਾਹ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਚੱਲਦੇ ਕਾਫੀ ਪਰੇਸ਼ਾਨ ਹਨ। ਉਨ੍ਹਾਂ ਨੂੰ ਆਪਣੀਆਂ ਨਿੱਤ ਦੀਆਂ ਲੋਡ਼ਾਂ ਪੂਰੀਆਂ ਕਰਨ ਲਈ ਕਾਫੀ ਮੁਸੀਬਤਾਂ ਝੱਲਣੀਆਂ ਪੈ ਰਹੀਆਂ ਹਨ, ਜਿਸ ਕਾਰਣ ਅਦਾਰੇ ਦੇ ਮੁਲਾਜ਼ਮਾਂ ’ਚ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਨਿਗਮ ਦੇ ਮੁਲਾਜ਼ਮਾਂ ਨੂੰ ਦਸੰਬਰ ਮਹੀਨੇ ਦੀ ਤਨਖਾਹ ਨਾ ਦਿੱਤੀ ਗਈ ਤਾਂ ਜਲ ਸਰੋਤ ਦੇ ਸਮੂਹ ਡਵੀਜ਼ਨਾਂ/ਸਰਕਲਾਂ ਅੱਗੇ ਮੈਨੇਜਮੈਂਟ ਅਤੇ ਸਰਕਾਰ ਵਿਰੁੱਧ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਦਿਲਬਾਗ ਸਿੰਘ, ਇਸ਼ਟ ਪਾਲ, ਗੁਰਚਰਨ ਸਿੰਘ, ਗੁਰਦੀਪ ਸਿੰਘ, ਰਾਜ ਕੁਮਾਰ, ਮੱਖਣ ਸਿੰਘ ਲੰਗੇਰੀ, ਪ੍ਰੇਮ ਨਾਥ, ਗੁਰਪ੍ਰੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ।