ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਐਲਾਨ

09/03/2021 9:43:45 PM

ਮਾਨਸਾ : ਵੀਰਵਾਰ ਨੂੰ ਮੋਗਾ ਵਿਖੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਸ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਦਿੱਲੀ ਵਿਖੇ ਕੈਂਪ ’ਤੇ ਹੋਏ ਹਮਲੇ ਅਤੇ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਾਨਸਾ ਦੀ ਪੁਲਸ ਵੱਲੋਂ ਰੁਲਦੂ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦੇ ਵੱਡੇ ਬਿਆਨ

ਇਸ ਬਾਰੇ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਉਨ੍ਹਾਂ ਮੋਗਾ ਵਿਖੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੁਲਸ ਸੁਰੱਖਿਆ ਵਾਪਸ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਗੰਨਮੈਨ ਲੈਣ ਲਈ ਸਹਿਮਤ ਨਹੀਂ ਸਨ ਅਤੇ ਉਨ੍ਹਾਂ ਲਿਖਤੀ ਤੌਰ ’ਤੇ ਨੀ ਗੰਨਮੈਨ ਲੈਣ ਤੋਂ ਇਨਕਾਰ ਕੀਤਾ ਸੀ ਪਰ ਕਿਸਾਨ ਲੀਡਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਉੱਚ ਅਧਿਕਾਰੀਆਂ ਵਲੋਂ ਆਈਆਂ ਹਿਦਾਇਤਾਂ ਦੇ ਹਵਾਲੇ ਨਾਲ ਪੁਲਸ ਨੇ ਉਨ੍ਹਾਂ ਨੂੰ ਸੁਰੱਖਿਆ ਲੈਣ ਦੀ ਅਪੀਲ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਸੁਰੱਖਿਆ ਲਈ ਹਾਮੀ ਭਰ ਦਿੱਤੀ ਸੀ। ਪਰ ਕੱਲ ਮੋਗੇ ਵਿਖੇ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਨਾਲ ਸਾਬਤ ਹੋ ਗਿਆ ਹੈ ਕਿ ਕੈਪਟਨ ਸਰਕਾਰ ਵਾਂਗ ਸਰਮਾਏਦਾਰ ਸਰਕਾਰਾਂ, ਕਿਸਾਨ ਹਿਤੈਸ਼ੀ ਹੋਣ ਦਾ ਕਿੰਨਾ ਵੀ ਵਿਖਾਵਾ ਕਿਉਂ ਨਾ ਕਰਨ ਪਰ ਹੁਕਮਰਾਨ ਜਮਾਤ ਦੀਆਂ ਸਾਰੀਆਂ ਸਤਾਧਾਰੀ ਪਾਰਟੀਆਂ ਭਾਜਪਾ ਤੇ ਮੋਦੀ ਸਰਕਾਰ ਵਾਂਗ ਕਾਰਪੋਰੇਟ ਕੰਪਨੀਆਂ ਦੀਆਂ ਪਿੱਠੂ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਘੋਰ ਦੋਖੀ ਹਨ। ਰੁਲਦੂ ਸਿੰਘ ਨੇ ਦੱਸਿਆ ਕਿ ਮੋਗਾ ਲਾਠੀਚਾਰਜ ਦੀ ਸੂਚਨਾ ਮਿਲਦਿਆਂ ਹੀ ਮੈਂ ਐੱਸ. ਐੱਸ. ਪੀ. ਮਾਨਸਾ ਨਾਲ ਮੁਲਾਕਾਤ ਕਰਕੇ ਇਸ ਫ਼ੈਸਲੇ ਬਾਰੇ ਸੂਚਿਤ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁਤਵਾਜ਼ੀ ਜਥੇਦਾਰ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ’ਤੇ ਕੀਤਾ ਤਲਬ

ਨੋਟ - ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵਲੋਂ ਸੁਰੱਖਿਆ ਵਾਪਸ ਕਰਨ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?

Gurminder Singh

This news is Content Editor Gurminder Singh