ਗੁਰਬਾਣੀ ਪ੍ਰਸਾਰਣ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

06/21/2023 4:57:33 PM

ਜਲੰਧਰ (ਵਿਸ਼ੇਸ਼) : ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜੇ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਗੱਲ ਮੰਨ ਲਈ ਹੁੰਦੀ ਤਾਂ ਅੱਜ ਟਕਰਾਅ ਦੀ ਸਥਿਤੀ ਪੈਦਾ ਨਾ ਹੁੰਦੀ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਆਪਣਾ ਚੈਨਲ ਚਲਾਇਆ ਜਾਵੇ ਪਰ ਸ਼੍ਰੋਮਣੀ ਕਮੇਟੀ ਨੇ ਇਸ ਗੱਲ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਹੁਣ ਪੰਜਾਬ ਸਰਕਾਰ ਨੂੰ ਇਸ ਬਹੁਤ ਹੀ ਨਾਜ਼ੁਕ ਮਸਲੇ ਵਿਚ ਦਖਲ ਦੇਣ ਦਾ ਮੌਕਾ ਮਿਲ ਗਿਆ ਹੈ। ਜੇ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਚਲਾ ਦਿੰਦੀ ਤਾਂ ਟਕਰਾਅ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ 2019 ਨੂੰ ਪੰਜਾਬ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿਚ ਉਸ ਸਮੇਂ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਪ੍ਰਸਤਾਵ ਲਿਆਂਦਾ ਸੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਕੀਰਤਨ ਦੇ ਪ੍ਰਸਾਰਣ ਦਾ ਅਧਿਕਾਰ ਇਕ ਚੈਨਲ ਨੂੰ ਨਹੀਂ ਸਗੋਂ ਸਾਰੇ ਟੀ. ਵੀ. ਤੇ ਵੈੱਬ ਚੈਨਲਾਂ ਨੂੰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੀ ਗਰਮੀ ਨੇ ਹੁਣ ‘ਸਿਆਸਤ’ ਵੀ ਗਰਮਾਈ!, ਅੱਜ ਵਿਧਾਨ ਸਭਾ ਭਖੀ    

ਇਹ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਸਾਬਕਾ ਮੰਤਰੀ ਬਾਜਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਪ੍ਰਸਤਾਵ ਦੀ ਇਕ ਕਾਪੀ ਸੌਂਪ ਕੇ ਮੰਗ ਕੀਤੀ ਸੀ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦਿੱਤੇ ਜਾਣ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿਧਾਨ ਸਭਾ ਮਾਰਫ਼ਤ ਪ੍ਰਾਪਤ ਹੋਏ ਪ੍ਰਸਤਾਵ ਨੂੰ ਸ਼੍ਰੋਮਣੀ ਕਮੇਟੀ ਤਕ ਪਹੁੰਚਾ ਦਿੱਤਾ ਸੀ ਅਤੇ ਕਿਹਾ ਸੀ ਕਿ ਸਿਰਫ ਟੈਕਸ ਚੈਨਲ ਕੋਲ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਨਹੀਂ ਹੋਣੇ ਚਾਹੀਦੇ। ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੇ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਪਾਸ ਪ੍ਰਸਤਾਵ ’ਤੇ ਕੋਈ ਕਾਰਵਾਈ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ : ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ’ਚ ਪੀ. ਐੱਮ. ਮੋਦੀ ਦਾ ਬੇਸਬਰੀ ਨਾਲ ਇੰਤਜ਼ਾਰ, ਬੋਲੇ ਸਾਂਝੇਦਾਰੀ ਦੇ ਖੁੱਲ੍ਹਣਗੇ ਨਵੇਂ ਰਾਹ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News