ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ : ਰਾਣਾ ਸੋਢੀ
Monday, Jan 27, 2020 - 03:50 PM (IST)

ਰੂਪਨਗਰ (ਸੱਜਣ ਸੈਣੀ, ਵਿਜੇ ਸ਼ਰਮਾ) - 71ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਦੇ ਸਟੇਡੀਅਮ 'ਚ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਡੀ.ਸੀ ਡਾ. ਸੁਮੀਤ ਜਾਰੰਗਲ ਅਤੇ ਐੱਸ.ਐੱਸ.ਪੀ. ਸਵਪਨ ਸ਼ਰਮਾ ਸਨ। ਰਾਣਾ ਗੁਰਮੀਤ ਸਿੰਘ ਸੋਢੀ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ ਹੈ। ਸਾਰੀ ਦੁਨੀਆਂ ਦੇ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਬਾਰੀਕੀਆਂ ਨੂੰ ਧਿਆਨ 'ਚ ਰੱਖ ਕੇ ਭਾਰਤ ਦਾ ਸੰਵਿਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਸਾਰਿਆਂ ਨੂੰ ਵੋਟ ਦਾ ਹੱਕ ਨਹੀਂ ਸੀ ਪਰ ਸੰਵਿਧਾਨ ਨੇ ਬਰਾਬਰੀ ਦਾ ਦਰਜਾ ਦਿੰਦਿਆਂ ਹਰੇਕ ਵਿਅਕਤੀ ਨੂੰ ਵੋਟ ਦਾ ਅਧਿਕਾਰ ਦਿੱਤਾ। ਭਾਰਤ ਦੇ ਬੇਹਤਰ ਸੰਵਿਧਾਨ ਤੋਂ ਇਲਾਵਾ ਹੋਰ ਕੋਈ ਵੀ ਸੰਵਿਧਾਨ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਨਸ਼ੇ ਦੇ ਖਿਲਾਫ ਸਰਕਾਰ ਵਲੋਂ ਚਲਾਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ ਹੈ।ਇਸ ਮੌਕੇ ਕਰਵਾਏ ਜ਼ਿਲਾ ਪੱਧਰੀ ਸਮਾਗਮਾਂ ਮਗਰੋਂ ਕੈਬਿਨਟ ਮੰਤਰੀ ਨੇ ਰੂਪਨਗਰ ਹੈੱਡ ਵਰਕਸ 'ਤੇ ਬਣਾਈ ਪਾਰਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਟ ਸਕੂਲ ਰੂਪਨਗਰ ਦਾ ਰਸਮੀ ਤੌਰ 'ਤੇ ਉਦਘਾਟਨ ਵੀ ਕੀਤਾ। ਉਨ੍ਹਾਂ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਸਾਂਝੇ ਹੰਭਲੇ ਦੀ ਲੋਡ਼ ਹੈ।
ਸਮਾਰੋਹ ਦੌਰਾਨ ਰਾਣਾ ਸੋਢੀ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਆ ਗਿਆ। ਉਨਾਂ ਵਲੋਂ ਸਿਲਾਈ ਮਸ਼ੀਨਾਂ, ਖੇਡਾਂ ਅਤੇ ਸਿੱਖਿਆ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਕੈਸ਼ ਪਰਾਇਜ਼ ਅਤੇ ਲੈਪਟਾਪ ਸੌਂਪੇ ਗਏ। ਇਸ ਮੌਕੇ ਰਾਣਾ ਸੋਢੀ ਮੰਤਰੀ ਪੰਜਾਬ ਵਲੋਂ ਸਮਾਗਮ ’ਚ ਹਿੱਸਾ ਲੈਣ ਵਾਲੇ ਸਕੂਲਾਂ ਲਈ 1-1 ਲੱਖ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਅਤੇ 27 ਜਨਵਰੀ ਨੂੰ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ। ਸਮਾਰੋਹ ਵਿੱਚ ਪਰੇਡ ਕਮਾਂਡਰ ਏ.ਐਸ.ਪੀ. ਰਵੀ ਕੁਮਾਰ ਦੀ ਅਗਵਾਈ ’ਚ 12 ਟੁਕਡ਼ੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।