ਰੂਪਨਗਰ 'ਚ 300 ਲੋਕਾਂ ਨੇ ਫੜਿਆ 'ਆਪ' ਦਾ ਝਾੜੂ (ਵੀਡੀਓ)
Friday, Mar 06, 2020 - 01:15 PM (IST)
ਰੂਪਨਗਰ ( ਸੱਜਨ ਸੈਣੀ) - ਦਿੱਲੀ ਵਿਚ ‘ਆਪ’ ਦੀ ਤੀਸਰੀ ਵਾਰ ਹੋਈ ਜਿੱਤ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਕੱਦ ਵਧਾ ਦਿੱਤਾ ਹੈ। ਇਸ ਤੋਂ ਪ੍ਰਭਾਵਿਤ ਹੋ ਕੇ ਹੁਣ ਪੰਜਾਬ ਦੇ ਵੋਟਰ ਰਵਾਇਤੀ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਲੱਗ ਪਏ ਹਨ। ਅਜਿਹਾ ਹੀ ਕੁਝ ਰੂਪਨਗਰ ’ਚ ਵੀ ਦੇਖਣ ਨੂੰ ਮਿਲਿਆ, ਜਿੱਥੇ ‘ਆਪ’ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਹੁੰਦਲ ਦੀ ਅਗਵਾਈ ਵਿਚ 300 ਸ਼ਹਿਰਵਾਸੀ ਵੱਖ-ਵੱਖ ਰਿਵਾਇਤੀ ਪਾਰਟੀਆਂ ਦਾ ਪੱਲਾ ਛੱਡ ‘ਆਪ’ ’ਚ ਸ਼ਾਮਲ ਹੋ ਗਏ। ‘ਆਪ’ ’ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਸ਼ਹਿਰ ਵਾਸੀ ਅਕਾਲੀ ਦਲ, ਬੀ.ਜੇ.ਪੀ. ਅਤੇ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲੇ ਹਨ। ਪਾਰਟੀ ’ਚ ਸ਼ਾਮਲ ਹੋਏ ਰਛਪਾਲ ਸਿੰਘ, ਰਾਕੇਸ਼ ਕੁਮਾਰ ਅਤੇ ਸੁਰਿੰਦਰ ਕੌਰ, ਟੇਕ ਚੰਦ ਜੈਨ ਆਦਿ ਨੇ ਦੱਸਿਆ ਕਿ ਦਿੱਲੀ ਵਿਚ ‘ਆਪ’ ਦੀ ਸਰਕਾਰ ਵਲੋਂ ਬਿਨਾਂ ਕਿਸੇ ਭੇਦ-ਭਾਵ ਤੋਂ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਵਲੋਂ ਸਾਰਿਆਂ ਨੂੰ ਬਿਜਲੀ, ਪਾਣੀ, ਸਿਹਤ ਸਹੂਲਤਾਂ ਅਤੇ ਬੱਸ ਸਫਰ ਆਦਿ ਵਰਗੀਆਂ ਸਹੂਲਤਾਵਾਂ ਸਭ ਨੂੰ ਇਕ ਸਾਰ ਦਿੱਤੀਆਂ ਜਾ ਰਹੀਆਂ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਅਸੀ ਸਭ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਾਂ। ਉਨ੍ਹਾਂ ਕਿਹਾ ਕਿ ਇਹ ਪਾਰਟੀ ਨਰਕ ਬਣ ਚੁੱਕੇ ਪੰਜਾਬ ਨੂੰ ਮੁੜ ਤੋਂ ਲੀਹਾਂ ’ਤੇ ਲਿਆਉਣ ਦਾ ਕੰਮ ਕਰੇਗੀ।
ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਹੁੰਦਲ ਨੇ ਪਾਰਟੀ ਵਿਚ ਸ਼ਾਮਲ ਹੋਏ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਨ ਉਪਰੰਤ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ 300 ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਜਤਾਇਆ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਵੋਟਰਾਂ ਨੇ ਅਕਾਲੀ ਭਾਜਪਾ ਦੇ 10 ਸਾਲ ਰਾਜ ਤੋਂ ਦੁੱਖੀ ਹੋ ਕੇ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਂਦਾ ਸੀ ਪਰ ਕਾਂਗਰਸ ਸਰਕਾਰ ਦੇ 3 ਸਾਲਾਂ ਦੇ ਕਾਰਜਕਾਲ ਤੋਂ ਪੰਜਾਬ ਦੇ ਵੋਟਰ ਨਾਖੁਸ਼ ਦਿਖਾਈ ਦੇ ਰਹੇ ਹਨ, ਜਿਸ ਦਾ ਫਾਇਦਾ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲ ਸਕਦਾ ਹੈ।