ਰੂਪਨਗਰ ਵਿਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਮਨਾਈ ਗਈ ਕਾਲੀ ਲੋਹੜੀ
Wednesday, Jan 13, 2021 - 03:17 PM (IST)
ਰੂਪਨਗਰ (ਸੱਜਣ ਸੈਣੀ)- ਰੂਪਨਗਰ ਦੇ ਬੇਲਾ ਚੌਂਕ ਵਿਚ ਕਿਸਾਨ ਜਥੇਬੰਦੀਆਂ ਦੀ ਕਾਲ ਦੇ ਉੱਤੇ ਰੂਪਨਗਰ ਦੇ ਕਿਸਾਨਾਂ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਾਲੀ ਲੋਹੜੀ ਮਨਾਈ ਗਈ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਜਤਾਇਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਕਿਹਾ ਕਿ ਲੋਕਾਂ ਦੀ ਚੁਣੀ ਹੋਈ ਸਰਕਾਰ ਅੱਜ ਲੋਕ ਵਿਰੋਧੀ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਉੱਤੇ ਕਾਲੇ ਕਾਨੂੰਨ ਲਾਗੂ ਕਰਨ ਦੇ ਉੱਤੇ ਅੜੀ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜੋ ਕਮੇਟੀ ਬਣਾਈ ਗਈ ਹੈ, ਉਸ ’ਤੇ ਉਨ੍ਹਾਂ ਨੂੰ ਬਿਲਕੁਲ ਵੀ ਭਰੋਸਾ ਨਹੀਂ ਹੈ ਅਤੇ ਉਹ 26 ਜਨਵਰੀ ਨੂੰ ਦਿੱਲੀ ਦੇ ਵਿਚ ਕਿਸਾਨ ਟਰੈਕਟਰਾਂ ਦੇ ਨਾਲ ਪਰੇਡ ਵੀ ਕਰਨਗੇ ।
ਇਹ ਵੀ ਪੜ੍ਹੋ : ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ
ਇਥੇ ਦੱਸਣਯੋਗ ਹੈ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 49ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਸਰਹੱਦਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕੱਲ੍ਹ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਅੱਜ ਯਾਨੀ ਕਿ ਬੁੱਧਵਾਰ ਨੂੰ ਲੋਹੜੀ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਨਾਲ ਹੀ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ’ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ।
ਇਹ ਵੀ ਪੜ੍ਹੋ : ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ
ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ’ਤੇ ਰੋਕ ਲਾ ਦਿੱਤੀ ਹੈ। ਕਾਨੂੰਨਾਂ ’ਤੇ ਰੋਕ ਲੱਗਣ ਮਗਰੋਂ ਵੀ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ ਕਿ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ। ਦਰਅਸਲ ਅਦਾਲਤ ਨੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਿਸਾਨੀ ਮਸਲੇ ਨੂੰ ਨਿਪਟਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਹੁਣ ਉਸ ਨੂੰ ਲੈ ਕੇ ਬਹਿਸ ਛਿੜ ਗਈ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਕਮੇਟੀ ’ਚ ਸ਼ਾਮਲ ਚਾਰੋਂ ਲੋਕ- ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ