ਪੇਂਡੂ ਵਿਕਾਸ ਫੰਡ ਜਾਰੀ ਕਰਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਪੰਜਾਬ ਦੇ ਸਾਰੇ ਸਾਂਸਦ : ਵਿਕਰਮਜੀਤ ਸਾਹਨੀ

Friday, Jul 07, 2023 - 05:42 PM (IST)

ਚੰਡੀਗੜ੍ਹ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਲਈ ਬੇਨਤੀ ਕਰਨ। ਸਾਹਨੀ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਰਾਜ, ਅਨਾਜ ਦੀ ਖਰੀਦ, ਕਿਸਾਨਾਂ ਅਤੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਨਾਲ ਸਬੰਧਤ ਹੈ ਅਤੇ ਇਸ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਸਾਹਨੀ ਨੇ ਸਪੱਸ਼ਟ ਕੀਤਾ ਕਿ ਕਈ ਦਹਾਕਿਆਂ ਤੋਂ ਪੰਜਾਬ ਨੂੰ 3% ਪੇਂਡੂ ਵਿਕਾਸ ਫੰਡ ਅਤੇ 3% ਮਾਰਕੀਟ ਫੀਸ ਮਿਲ ਰਹੀ ਹੈ ਕਿਉਂਕਿ ਪੰਜਾਬ ਇਕ ਗੈਰ-ਵਿਕੇਂਦਰੀਕ੍ਰਿਤ ਖਰੀਦ ਰਾਜ ਹੈ ਜੋ ਕੇਂਦਰੀ ਪੂਲ ਵਿਚ ਅਨਾਜ ਦੀ ਵਸੂਲੀ ਵਿਚ 100% ਯੋਗਦਾਨ ਪਾਉਂਦਾ ਹੈ।

ਸਾਹਨੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਦਾਤਾ ਹੈ ਅਤੇ ਪੰਜਾਬੀ ਕਿਸਾਨ ਪਿੰਡਾਂ ਵਿਚ ਰਹਿੰਦੇ ਹਨ ਅਤੇ ਇਸ ਲਈ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਸੰਸਦ ਮੈਂਬਰਾਂ ਦਾ ਇਕ ਵਫ਼ਦ ਭਾਵੇਂ ਪਾਰਟੀ ਕੋਈ ਵੀ ਹੋਵੇ, ਪ੍ਰਧਾਨ ਮੰਤਰੀ ਨੂੰ ਮਿਲ ਕੇ ਉਨ੍ਹਾਂ ਦੇ ਦਖਲ ਦੀ ਅਪੀਲ ਕਰਨ ਅਤੇ ਪੰਜਾਬ ਨੂੰ ਇਸਦੇ ਪੇਂਡੂ ਵਿਕਾਸ ਫੰਡ ਦੇ ਬਕਾਇਆ  4,200 ਕਰੋੜ ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕਰਨ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਨੇ ਇਹ ਮੁੱਦਾ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਪੰਜਾਬ ਨੂੰ ਵਿਧਾਨ ਸਭਾ ਇਕ ਕਾਨੂੰਨ ਪਾਸ ਕਰਨਾ ਚਾਹੀਦਾ ਹੈ ਕਿ ਦਿਹਾਤੀ ਵਿਕਾਸ ਫੰਡ ਦੀ ਵਰਤੋਂ ਕੇਵਲ ਪੇਂਡੂ ਵਿਕਾਸ ਲਈ ਹੀ ਕੀਤੀ ਜਾਵੇਗੀ। ਇਸ ਸਬੰਧੀ ਐਕਟ 28 ਜੁਲਾਈ, 2022 ਨੂੰ ਪੰਜਾਬ ਵਿਧਾਨ ਸਭਾ ਦੁਆਰਾ ਪਾਸ ਕਰ ਦਿਤਾ ਗਿਆ ਸੀ। ਇਸ ਲਈ ਹੁਣ ਇਹ ਫੰਡ ਜਾਰੀ ਕਰਨ ਵਿਚ ਕੋਈ ਤਕਨੀਕੀ ਦਿੱਕਤ ਨਹੀਂ ਆਉਣੀ ਚਾਹੀਦੀ।


Gurminder Singh

Content Editor

Related News