ਜਮਹੂਰੀ ਕਿਸਾਨ ਸਭਾ ਵੱਲੋਂ ਐੱਸ. ਡੀ. ਐੱਮ. ਦਫਤਰ ਅੱਗੇ ਧਰਨਾ
Friday, Jun 09, 2017 - 08:24 AM (IST)
ਖਡੂਰ ਸਾਹਿਬ, (ਕੁਲਾਰ)- ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ ਕਰਨ, ਮਾਝੇ ਦੇ ਟੁੱਟ ਚੁੱਕੇ ਨਹਿਰੀ ਪ੍ਰਬੰਧ ਦੀ ਮੁੜ ਉਸਾਰੀ ਕਰਨ, ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਤੇ ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਆਦਿ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਖਡੂਰ ਸਾਹਿਬ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ, ਮਨਜੀਤ ਸਿੰਘ ਬੱਗੂ ਕੋਟ, ਚੈਂਚਲ ਸਿੰਘ ਜਹਾਂਗੀਰ, ਸੁਰਜੀਤ ਸਿੰਘ ਵੈਰੋਵਾਲ, ਰੇਸ਼ਮ ਸਿੰਘ ਫੇਲੋਕੇ, ਨਰਿੰਦਰ ਸਿੰਘ, ਬਾਬਾ ਫਤਿਹ ਸਿੰਘ ਤੁੜ ਤੇ ਦਾਰਾ ਸਿੰਘ ਮੁੰਡਾਪਿੰਡ ਨੇ ਕੀਤੀ।
ਤਹਿਸੀਲ ਕੰਪਲੈਕਸ ਵਿਚ ਜੁੜੇ ਕਿਸਾਨ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਜ਼ਿਲਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਚੋਣ ਵਾਅਦਿਆਂ ਤੋਂ ਭੱਜ ਕੇ ਕਿਸਾਨ ਵਿਰੋਧੀ ਨੀਤੀਆਂ 'ਤੇ ਚੱਲਦਿਆਂ ਕਿਸਾਨੀ ਜਿਣਸਾਂ ਦੇ ਭਾਅ ਡਾ. ਸਵਾਮੀਨਾਥਨ ਦੇ ਫਾਰਮੂਲੇ ਮੁਤਾਬਕ ਦੇਣ ਤੋਂ ਨਾਂਹ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਮੰਡੀਆਂ ਰਾਹੀਂ ਕਿਸਾਨਾਂ ਦੀ ਲੁੱਟ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਮਿੱਥੇ ਭਾਅ ਤੋਂ ਅੱਧੇ ਤੋਂ ਵੀ ਘੱਟ ਰੇਟਾਂ 'ਤੇ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਲਗਾਤਾਰ ਘਾਟ ਵਿਚ ਜਾ ਰਹੀ ਹੈ ਤੇ ਕਰਜ਼ੇ ਦੇ ਭਾਰ ਹੇਠ ਮਜਬੂਰੀਵੱਸ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਧਰਨੇ 'ਤੇ ਬੈਠੇ ਜਮਹੂਰੀ ਕਿਸਾਨ ਸਭਾ ਕੋਲੋਂ ਐੱਸ. ਡੀ. ਐੱਮ. ਮੈਡਮ ਅਮਨਦੀਪ ਕੌਰ ਨੇ ਮੰਗ ਪੱਤਰ ਲਿਆ ਅਤੇ ਭਰੋਸਾ ਦਿਵਾਇਆ ਕਿ ਕਿਸਾਨੀ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ।
