ਸੱਚਖੰਡ ਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ
Tuesday, Nov 26, 2024 - 08:39 AM (IST)
ਜੈਤੋ (ਰਘੂਨੰਦਨ ਪਰਾਸ਼ਰ ) : ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ।
ਜ਼ਿਕਰਯੋਗ ਹੈ ਕਿ 15 ਜੁਲਾਈ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬਾਬਾ ਦਯਾ ਸਿੰਘ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਹੋਇਆ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : Airtel ਕਸਟਮਰ ਕੇਅਰ ਦੇ ਨਾਂ 'ਤੇ ਵੱਡਾ ਗੋਲਮਾਲ, ਸ਼ਖਸ ਦੇ ਅਕਾਊਂਟ 'ਚੋਂ ਅਚਾਨਕ ਗ਼ਾਇਬ ਹੋ ਗਏ 3 ਲੱਖ
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਯਾ ਸਿੰਘ ਵੱਲੋਂ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਸਿੱਖ ਪੰਥ ਲਈ ਵੱਡਮੁੱਲੀਆਂ ਸੇਵਾਵਾਂ ਕੀਤੀਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਦਲ ਪੰਥ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਇਸ ਸਨਮਾਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸਮਾਗਮ ਵਿਚ ਪੁੱਜੀਆਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8