ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਐੱਲ. ਈ. ਡੀ. ਲਾਈਟਾਂ ਤੇ ਫੁੱਲਾਂ ਨਾਲ ਸਜਾਇਆ
Friday, Oct 06, 2017 - 10:30 AM (IST)

ਅੰਮ੍ਰਿਤਸਰ (ਦੀਪਕ/ਬਿਊਰੋ) - ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ 'ਚ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਨੂੰ ਐੱਲ. ਈ. ਡੀ. ਲਾਈਟਸ ਤੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੀ ਪ੍ਰੇਰਨਾ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਸਮੂਹ ਮੁਲਾਜ਼ਮਾਂ ਨਾਲ ਵਿਸ਼ੇਸ਼ ਇਕੱਤਰਤਾ ਕਰ ਕੇ ਪ੍ਰਕਾਸ਼ ਪੁਰਬ ਸਮੇਂ ਆਪੋ-ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 6 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਤੇ ਇਸੇ ਦਿਨ ਰਾਤ ਦੇ ਰਾਗ ਦਰਬਾਰ ਸਮੇਂ ਹਾਜ਼ਰੀ ਯਕੀਨੀ ਬਣਾਉਣ ਦੀ ਪ੍ਰੇਰਨਾ ਵੀ ਕੀਤੀ।
ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਸ਼ੁਰੂ ਕੀਤੀ ਗਈ, ਜਿਸ ਨੂੰ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਮੌਜੂਦ ਸਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਕੀਤੀ ਜਾ ਰਹੀ ਸਜਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਅਤੇ ਕੁਝ ਦੇਸੀ ਫੁੱਲ ਹੋਣਗੇ। ਡਾ. ਰੂਪ ਸਿੰਘ ਅਨੁਸਾਰ ਐਨਥੋਡੀਅਮ, ਆਰਕਿੰਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗ੍ਰੀਨ ਲੀਵਸ, ਕਲੀ, ਗੁਲਦੋਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਗਾਪੁਰ, ਥਾਈਲੈਂਡ, ਮਲੇਸ਼ੀਆ, ਮੁੰਬਈ, ਕਲਕੱਤਾ, ਪੂਨਾ, ਦਿੱਲੀ ਆਦਿ ਤੋਂ ਮੰਗਵਾਏ ਗਏ ਹਨ।
ਇਸੇ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੀ ਆਰੰਭਤਾ ਲਈ ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗੁ. ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਵੱਲੋਂ ਲਿਆ ਗਿਆ।