ਬੇਅਦਬੀ ਮਾਮਲਾ : ਡੇਰਾ ਸਿਰਸਾ ਦੇ ਤਿੰਨ ਕੌਮੀ ਕਮੇਟੀ ਮੈਂਬਰਾਂ ਖ਼ਿਲਾਫ਼ ਨਹੀਂ ਮਿਲਿਆ ਕੋਈ ਜਾਇਦਾਦ ਦਾ ਵੇਰਵਾ

Monday, Oct 11, 2021 - 04:51 PM (IST)

ਫਰੀਦਕੋਟ (ਜਗਦੀਸ਼) : ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ ਵਿਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਫਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ ਨੇ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਸੰਦੀਪ ਬਰੇਟਾ, ਪ੍ਰਦੀਪ ਕਲੇਰ ਨੂੰ ਭਗੌੜਾ ਐਲਾਨ ਤੋਂ ਬਾਅਦ ਜਾਇਦਾਦ ਦਾ ਵੇਰਵਾ ਨਾ ਮਿਲਣ ਕਰਕੇ ਫਾਈਲ ਨੂੰ ਠੱਪ ਕਰ ਦਿੱਤਾ ਹੈ। ਇਨ੍ਹਾਂ ਤੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਸਾਜ਼ਿਸ਼ ਰਚਣ ਦਾ ਦੋਸ਼ ਸੀ । ਜਾਣਕਾਰੀ ਅਨੁਸਾਰ ਅਦਾਲਤ ਨੇ ਆਪਣੇ ਇਕ ਹੁਕਮ ਵਿਚ ਥਾਣਾ ਬਾਜਾਖਾਨਾ ਦੇ ਐਸ. ਐਚ. ਓ. ਇੱਕਬਾਲ ਹੁਸੈਨ ਨੂੰ ਹਦਾਇਤ ਕੀਤੀ ਸੀ ਕਿ ਉਹ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਸੰਦੀਪ ਬਰੇਟਾ, ਪ੍ਰਦੀਪ ਕਲੇਰ ਦੀ ਜਾਇਦਾਦ ਸ਼ਨਾਖਤ ਕਰਨ ਅਤੇ ਇਸ ਦੀ ਸੂਚੀ 11 ਅਕਤੂਬਰ ਤੱਕ ਅਦਾਲਤ ਸਾਹਮਣੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾ ਸਕੇ।

ਅਦਾਲਤ ਨੇ ਇਨ੍ਹਾਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 174 ਏ (ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨ ਤੋਂ ਟਲਣਾ) ਤਹਿਤ ਕੇਸ ਦਰਜ ਕਰਨ ਲਈ ਵੀ ਕਿਹਾ ਸੀ। ਇਹ ਤਿੰਨੇ ਕਮੇਟੀ ਮੈਂਬਰ ਬੇਅਦਬੀ ਨਾਲ ਜੁੜੀਆਂ ਅੱਧੀ ਦਰਜਨ ਘਟਨਾਵਾਂ ਵਿਚ ਮੁਲਜ਼ਮ ਵੱਜੋਂ ਨਾਮਜ਼ਦ ਹੋਏ ਸਨ ਪਰ ਵਿਸ਼ੇਸ਼ ਜਾਂਚ ਟੀਮ ਤਿੰਨਾਂ ਵਿਚੋਂ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕਰ ਸਕੀ । ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਤਿੰਨਾਂ ਦੀ ਗ੍ਰਿਫਤਾਰੀ ਲਈ ਉਨ੍ਹਾਂ ਕਈ ਥਾਵਾਂ ’ਤੇ ਛਾਪੇ ਮਾਰੇ ਪਰ ਮੁਲਜ਼ਮ ਪੁਲਸ ਦੇ ਹੱਥ ਨਹੀ ਲੱਗੇ ।

ਥਾਣਾ ਬਾਜਾਖਾਨਾ ਦੇ ਐਸ ਐਚ ੳ ਇਕਬਾਲ ਹੁਸੈਨ ਨੇ ਅਦਾਲਤ ਵਿਚ ਕਿਹਾ ਕਿ ਭਗੌੜੇ ਐਲਾਨੇ ਗਏ ਡੇਰੇ ਦੀ ਕੌਮੀ ਕਮੇਟੀ ਮੈਂਬਰਾਂ ਦੀ ਜਾਇਦਾਦ ਦਾ ਵੇਰਵਾ ਅਤੇ ਬੈਂਕ ਖਾਤਿਆਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਜਿਸ ’ਤੇ ਅਦਾਲਤ ਨੇ ਇਹ ਕੇਸ ਠੱਪ ਕਰ ਦਿੱਤਾ ਹੈ ਅਤੇ ਜਾਇਦਾਦ ਮਿਲਣ ’ਤੇ ਹੀ ਇਸ ਦੀ ਕਾਰਵਾਈ ਅੱਗੇ ਚੱਲੇਗੀ ।


Gurminder Singh

Content Editor

Related News