ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ

Saturday, Aug 01, 2026 - 06:27 PM (IST)

ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਅਧੀਨ ਪੈਂਦੇ ਪਿੰਡ ਬੀਰੇਵਾਲਾ ਜੱਟਾਂ ਵਿਚ ਸਾਹਮਣੇ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਾਨਸਾ-ਸਿਰਸਾ ਰੋਡ ਸਥਿਤ ਤਿੰਨ ਕੌਲੀ ਚੌਂਕ ਵਿਚ ਮੋਰਚਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ’ਤੇ ਇਤਰਾਜ਼ਯੋਗ ਸ਼ਬਦ ਲਿਖੇ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਉਨ੍ਹਾਂ ਦੇ ਅਨੁਸਾਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਇਹ ਮਾਮਲਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਧਿਆਨ ਵਿਚ ਲਿਆਂਦਾ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ

ਮੋਰਚੇ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਾਬਾ ਰਾਜਵਿੰਦਰ ਸਿੰਘ ਘਰਾਗਣਾ, ਸਤਵਿੰਦਰ ਸਿੰਘ ਅਤੇ ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਬੇਅਦਬੀ ਦੇ ਅਸਲ ਮਾਮਲੇ ਦੀ ਜਾਂਚ ਅਜੇ ਤੱਕ ਸਿੱਟੇ ਤੱਕ ਨਹੀਂ ਪਹੁੰਚੀ। ਉਨ੍ਹਾਂ ਦਾ ਕਹਿਣਾ ਸੀ ਕਿ ਮਾਮਲੇ ਨੂੰ ਉਜਾਗਰ ਕਰਨ ਵਾਲੇ ਗ੍ਰੰਥੀ ਸਿੰਘ ਬਲਵਿੰਦਰ ਸਿੰਘ ’ਤੇ ਹੀ ਪਿੰਡ ਦੀ ਕਮੇਟੀ ਦੇ ਮੈਂਬਰ ਮੇਵਾ ਸਿੰਘ ਵੱਲੋਂ ਦੋਸ਼ ਲਗਾਏ ਗਏ। ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਗ੍ਰੰਥੀ ਸਿੰਘ ’ਤੇ ਦਬਾਅ ਬਣਾਇਆ ਗਿਆ, ਜਿਸ ਕਾਰਨ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ ਪਰ ਬੇਅਦਬੀ ਦੇ ਮਾਮਲੇ ਵਿਚ ਅਜੇ ਤੱਕ ਇਨਸਾਫ ਨਹੀਂ ਮਿਲਿਆ। ਇਸੇ ਕਾਰਨ ਜਥੇਬੰਦੀਆਂ ਨੂੰ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ

ਉੱਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਜੋੜਕੀਆਂ ਦੇ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਬੇਅਦਬੀ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵੱਖਰੇ ਤੌਰ ’ਤੇ ਐੱਸਜੀਪੀਸੀ ਵੀ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਦੋਸ਼ੀ ਸਾਹਮਣੇ ਆਵੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਥਾਣਾ ਇੰਚਾਰਜ ਨੇ ਇਹ ਵੀ ਦੱਸਿਆ ਕਿ ਗ੍ਰੰਥੀ ਸਿੰਘ ਬਲਵਿੰਦਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਥਾਣਾ ਸਦਰ ਵਿਖੇ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਨਾਮਜ਼ਦ ਮੁਲਜ਼ਮ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਫਿਲਹਾਲ ਬੇਅਦਬੀ ਦੇ ਮਾਮਲੇ ਦੀ ਜਾਂਚ ਜਾਰੀ ਹੈ, ਜਦਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News