'ਅਕਾਲੀ ਤੇ 'ਆਪ' ਆਗੂ ਕਰਜ਼ੇ ਮੁਆਫੀ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਜ਼ ਆਉਣ'

01/12/2018 11:31:07 AM

ਕਪੂਰਥਲਾ (ਮੱਲ੍ਹੀ) - ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਵਾਅਦਾ ਨਿਭਾਇਆ ਹੈ, ਜਦਕਿ ਅਕਾਲੀ ਤੇ 'ਆਪ' ਪਾਰਟੀਆਂ ਦੇ ਆਗੂ ਕੈਪਟਨ ਸਰਕਾਰ ਦੇ ਕਰਜ਼ਾ ਮੁਆਫੀ ਮਾਮਲੇ ਬਾਰੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਇਹ ਸ਼ਬਦ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਬਿਸ਼ਨਪੁਰ ਨੇ ਆਖੇ। 
ਉਨ੍ਹਾਂ ਕਿਹਾ ਕਿ ਖੁਦ 10 ਸਾਲ ਸੱਤਾ ਦਾ ਸੁੱਖ ਭੋਗਣ ਵਾਲੇ ਅਕਾਲੀਆਂ ਨੂੰ ਕਿਸਾਨਾਂ ਦੇ ਕਰਜ਼ੇ ਮੁਆਫੀ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰਨ ਤੋਂ ਪਹਿਲਾਂ ਇਹ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੀ ਆਰਥਿਕ ਮੰਦਹਾਲੀ ਦੂਰ ਕਰਨ ਲਈ ਕੀ ਠੋਸ ਕਦਮ ਚੁੱਕਿਆ। ਉਨ੍ਹਾਂ ਆਮ ਆਦਮੀ ਪਾਰਟੀ ਦੇ ਪੰਜਾਬ ਆਗੂਆਂ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ 'ਆਪ' ਆਗੂਆਂ ਨੂੰ ਪੰਜਾਬ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਾਕਾਰ ਦਿੱਤਾ ਹੈ ਤੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਖਿਲਾਫ ਬੋਲਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨਾ ਚਾਹੀਦਾ ਹੈ। ਕਾਂਗਰਸ ਪਾਰਟੀ ਦੇ ਜ਼ਿਲਾ ਮੀਤ ਪ੍ਰਧਾਨ ਕੈਪਟਨ ਜਰਨੈਲ ਸਿੰਘ ਇੱਬਣ, ਮੈਂਬਰ ਬਲਾਕ ਸੰਮਤੀ ਅਜੀਤ ਸਿੰਘ ਕੋਟ ਕਰਾਰ ਖਾਂ, ਜਸਬੀਰ ਸਿੰਘ ਰੰਧਾਵਾ, ਦਲਜੀਤ ਸਿੰਘ ਬਡਿਆਲ, ਕੈਪਟਨ ਗੁਰਪਾਲ ਸਿੰਘ ਨੱਥੂਚਾਹਲ, ਐਡਵੋਕੇਟ ਖੁਲਾਰ ਸਿੰਘ ਧੰਮ, ਰਾਜਿੰਦਰ ਸਿੰਘ ਵਾਲੀਆ ਆਦਿ ਕਾਂਗਰਸੀ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਖੁਦ ਤਾਂ ਅਕਾਲੀਆਂ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਆਦਿ ਤੋਂ ਇਲਾਵਾ ਆਮ ਜਨਤਾ ਦਾ ਕੁਝ ਕੀਤਾ ਨਹੀਂ ਸਗੋਂ ਕੈਪਟਨ ਸਰਕਾਰ ਵੱਲੋਂ ਪੂਰੇ ਕੀਤੇ ਜਾ ਰਹੇ ਆਪਣੇ ਚੋਣ ਵਾਅਦਿਆਂ ਤੋਂ ਬੌਖਲਾਹਟ 'ਚ ਆ ਕੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਅਕਾਲੀ ਤੇ 'ਆਪ' ਆਗੂਆਂ ਨੂੰ ਕੈਪਟਨ ਸਰਕਾਰ ਖਿਲਾਫ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਜ਼ ਆਉਣਾ ਚਾਹੀਦਾ ਹੈ।