ਅਕਾਲੀ-ਭਾਜਪਾ ਦਾ ਸਾਂਝਾ ਵਫ਼ਦ ਰਾਜਪਾਲ ਨੂੰ ਮਿਲਿਆ
Saturday, May 05, 2018 - 07:02 AM (IST)

ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਬੱਚਿਆਂ ਦੇ ਮਨਾਂ 'ਚੋਂ ਸਿੱਖ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਤੋਂ ਦੂਰ ਕਰਨ ਦੀ ਸਾਜ਼ਿਸ਼ ਨੂੰ ਰੋਕਣ ਲਈ ਤੁਰੰਤ ਦਖ਼ਲ ਦੇਣ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ। ਦੋਵੇਂ ਪਾਰਟੀਆਂ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਚ ਸੂਬੇ ਦੇ ਰਾਜਪਾਲ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਦੋਵੇਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਪ੍ਰਧਾਨਾਂ ਸੁਖਬੀਰ ਸਿੰਘ ਬਾਦਲ ਅਤੇ ਸ਼ਵੇਤ ਮਲਿਕ ਨੇ ਕੀਤੀ। ਬਾਅਦ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਸ ਬੇਹੱਦ ਨਾਜ਼ੁਕ ਮੁੱਦੇ ਉੱਤੇ ਵਫ਼ਦ ਨੂੰ ਢੁੱਕਵੇਂ ਹੁੰਗਾਰੇ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਜਦੋਂ ਤਕ ਇਸ ਮਾਮਲੇ ਦੀ ਉੱਚ-ਪੱਧਰੀ ਜਾਂਚ ਨਹੀਂ ਹੋ ਜਾਂਦੀ, ਚੱਲ ਰਹੇ ਸੈਸ਼ਨ ਦੌਰਾਨ 11ਵੀਂ ਅਤੇ 12ਵੀਂ ਕਲਾਸਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਚੈਪਟਰਾਂ ਵਾਲੀਆਂ ਪੁਰਾਣੀਆਂ ਕਿਤਾਬਾਂ ਅਤੇ ਸਿਲੇਬਸ ਨੂੰ ਹੀ ਅਮਲ ਵਿਚ ਲਿਆਂਦਾ ਜਾਵੇ ਤਾਂ ਕਿ ਦੋਸ਼ੀ ਅਧਿਕਾਰੀਆਂ ਦੀਆਂ ਕਰਤੂਤਾਂ ਦਾ ਖਮਿਆਜ਼ਾ ਵਿਦਿਆਰਥੀਆਂ ਨੂੰ ਨਾ ਭੁਗਤਣਾ ਪਵੇ। ਇਸ ਦੌਰਾਨ ਰਾਜਪਾਲ ਨੇ ਵਫ਼ਦ ਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦਿਵਾਉਣ ਦੇ ਮੁੱਦੇ ਬਾਰੇ ਹਮਦਰਦੀ ਨਾਲ ਵਿਚਾਰ ਕਰਨਗੇ।