ਹਕੂਮਤ ਬਦਲੀ ਪਰ ਹਾਲਾਤ ਨਹੀਂ, 7000 ਤੋਂ ਵੱਧ ਕੰਪਿਊਟਰ ਅਧਿਆਪਕ 3 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ

05/26/2017 3:07:21 PM

ਮੋਗਾ (ਪਵਨ ਗਰੋਵਰ, ਗੋਪੀ ਰਾਊਕੇ)-ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਰੈਗੂਲਰ ਹੋਣ ਦੇ ਬਾਵਜੂਦ ਸੂਬੇ ਦੇ 7000 ਕੰਪਿਊਟਰ ਅਧਿਆਪਕ ਆਪਣੀਆਂ ਤਨਖਾਹਾਂ ਅਤੇ ਹੋਰ ਵਿੱਤੀ ਮੁਸ਼ਕਲਾਂ ਨੂੰ ਲੈ ਕੇ ਸਮੇਂ-ਸਮੇਂ 'ਤੇ ਸੰਘਰਸ਼ ਕਰਦੇ ਵਿਖਾਈ ਦਿੱਤੇ ਅਤੇ ਹੁਣ ਜਦੋਂ ਸੂਬੇ ਦੀ ਹਕੂਮਤ ਵੀ ਬਦਲ ਗਈ ਹੈ ਪਰ ਕੰਪਿਊਟਰ ਅਧਿਆਪਕਾਂ ਦੀਆਂ ਮੁਸ਼ਕਲਾਂ 'ਚ ਕੋਈ ਕਮੀ ਨਹੀਂ ਆਈ ਅਤੇ ਕੁਝ ਸਬੰਧਿਤ ਅਧਿਕਾਰੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਪਿਊਟਰ ਮਾਸਟਰ ਯੂਨੀਅਨ (ਸੀ. ਐੱਮ. ਯੂ.) ਪੰਜਾਬ ਦੇ ਅਹੁਦੇਦਾਰਾਂ ਨੇ ਅੱਜ ਇਥੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਪ੍ਰਗਟ ਕੀਤੇ।
ਨਹੀਂ ਮਿਲੀ 3 ਮਹੀਨਿਆਂ ਤੋਂ ਤਨਖ਼ਾਹ
ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਦੀਪ ਸਿੰਘ ਮਾਨਸਾ ਨੇ ਦੱਸਿਆ ਕਿ ਜਿਥੇ ਉਨ੍ਹਾਂ ਨੂੰ ਹਾਲੇ ਤੱਕ ਮਾਰਚ ਅਤੇ ਅਪ੍ਰੈਲ ਮਹੀਨੇ ਦੀ ਤਨਖਾਹ ਨਸੀਬ ਨਹੀਂ ਹੋਈ, ਉਥੇ ਮਈ ਮਹੀਨਾ ਵੀ ਖਤਮ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਹਰ ਵਾਰ ਜਾਣ-ਬੁੱਝ ਕੇ ਤਨਖਾਹ ਨੂੰ ਲੇਟ ਕੀਤਾ ਜਾਂਦਾ ਹੈ। ਉਨ੍ਹਾਂ ਖੁਲਾਸਾ ਕਰਦਿਆਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਤਨਖਾਹ ਨੂੰ ਲੇਟ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮੰਤਵ ਨਾਲ ਹਰ ਵਾਰ ਤਨਖਾਹ ਵਾਲੀ ਫਾਈਲ 'ਤੇ ਕੋਈ ਨਾ ਕੋਈ ਨਵਾਂ ਇਤਰਾਜ਼ ਲਾ ਦਿੱਤਾ ਜਾਂਦਾ ਹੈ ਅਤੇ ਤਨਖਾਹ ਵਾਲੀ ਫਾਈਲ ਕਈ-ਕਈ ਦਿਨ ਅਧਿਕਾਰੀਆਂ ਦੇ ਦਫਤਰਾਂ ਦੇ ਚੱਕਰ ਕੱਟਦੀ ਰਹਿੰਦੀ ਹੈ। 
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਤਨਖਾਹ ਦੇ ਬਿੱਲਾਂ ਦੀ ਮੰਗ ਹੀ ਮਹੀਨਾ ਪੂਰਾ ਹੋਣ ਮਗਰੋਂ ਕੀਤੀ ਜਾਂਦੀ ਹੈ ਜਦੋਂਕਿ ਬਾਕੀ ਕਰਮਚਾਰੀਆਂ ਦੀ ਤਨਖਾਹ ਦੇ ਬਿੱਲ ਮਹੀਨਾ ਪੂਰਾ ਹੋਣ ਤੋਂ ਪਹਿਲਾਂ ਹੀ ਜਮ੍ਹਾ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਪਹਿਲੀਆਂ ਤਰੀਕਾਂ 'ਚ ਤਨਖਾਹ ਮਿਲ ਜਾਂਦੀ ਹੈ। ਰਾਜਦੀਪ ਨੇ ਕਿਹਾ ਕਿ ਤਿੰਨ-ਤਿੰਨ ਮਹੀਨੇ ਬਾਅਦ ਉਨ੍ਹਾਂ ਨੂੰ ਇਕ ਤਨਖਾਹ ਜਾਰੀ ਕਰ ਦਿੱਤੀ ਜਾਂਦੀ ਹੈ ਅਤੇ ਮੁੜ ਤੋਂ ਉਹੀ ਚੱਕਰ ਫਿਰ ਤੋਂ ਸ਼ੁਰੂ ਹੋ ਜਾਂਦਾ ਹੈ ਅਤੇ ਫਿਰ ਇੰਤਜ਼ਾਰ ਕਰਨਾ ਪੈਂਦਾ ਹੈ, ਜਿਸ ਕਾਰਨ ਆਰਥਿਕ ਤੰਗੀ ਕਰ ਕੇ ਪੰਜਾਬ ਭਰ ਦੇ 7000 ਕੰਪਿਊਟਰ ਅਧਿਆਪਕ ਭਾਰੀ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਹੇ ਹਨ, ਜੋ ਕਿ ਨਿੰਦਣਯੋਗ ਹੈ ਅਤੇ ਜਿਸ ਦੀ ਜਿੰਨੀ ਆਲੋਚਨਾ ਕੀਤੀ ਜਾਵੇ, ਘੱਟ ਹੈ।
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਮੁਸ਼ਕਲਾਂ ਸਬੰਧੀ ਕਰਵਾਇਆ ਜਾਵੇਗਾ ਜਾਣੂ
ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਜਲਦ ਹੀ ਤਨਖਾਹ ਦੇ ਨਾਲ-ਨਾਲ ਕੰਪਿਊਟਰ ਅਧਿਆਪਕਾਂ ਦੀਆਂ ਹੋਰਨਾਂ ਮੁਸ਼ਕਲਾਂ ਦੇ ਸਬੰਧ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਦੇਣ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਜਲਦ ਹੀ ਇਸ ਦਾ ਸਥਾਈ ਹੱਲ ਕਰਨਗੇ।