ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ

Thursday, Apr 23, 2026 - 06:27 PM (IST)

ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ)- 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਿਜ਼ਨ ਡਾਕੂਮੈਂਟ ਜਾਰੀ ਕੀਤਾ ਗਿਆ।  ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਡਾਕੂਮੈਂਟ ਜਾਰੀ ਕਰਦੇ ਹੋਏ ਇਸ ਨੂੰ ਪੰਥ, ਪੰਜਾਬ ਅਤੇ ਭਵਿੱਖ ਲਈ ਵਿਜ਼ਨ ਦੱਸਿਆ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਦਸਤਾਵੇਜ਼ ਸਰਦਾਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਾਲੀ ਕਮੇਟੀ ਅਤੇ ਵਿਦਵਾਨਾਂ ਦੀ ਮਿਹਨਤ ਸਦਕਾ ਤਿਆਰ ਕੀਤਾ ਗਿਆ ਹੈ। ਪ੍ਰੋਫੈਸਰ ਪੂਰਨ ਸਿੰਘ ਦੇ ਸ਼ਬਦਾਂ 'ਪੰਜਾਬ ਵਸਦਾ ਗੁਰਾਂ ਦੇ ਨਾਂ ਤੇ' ਸਿਰਲੇਖ ਹੇਠ ਜਾਰੀ ਇਸ ਐਲਾਨਨਾਮੇ 'ਚ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਧਾਰਮਿਕ ਮਸਲਿਆਂ ਨੂੰ ਮੁਖਾਤਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ ਸਾਮਾਨ ਵੀ ਬਰਾਮਦ

ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ 'ਚੋਂ ਪੰਥ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ, ਇਸ ਲਈ ਪਾਰਟੀ ਵੱਲੋਂ ਪੰਥਕ ਮਸਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਕਰਜ਼ੇ ਦੀ ਪੰਡ ਹੇਠ ਦਬਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਕਰਜ਼ਾ ਮੁਕਤ ਕਰਨ ਦੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ

ਔਰਤਾਂ ਅਤੇ ਨੌਜਵਾਨਾਂ ਲਈ ਰਾਖਵਾਂਕਰਨ 
ਨੌਜਵਾਨਾਂ ਦੀ ਸਥਿਤੀ 'ਤੇ ਚਿੰਤਾ ਜਤਾਉਂਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦਾ ਯੂਥ ਦਿਸ਼ਾਹੀਨ ਹੋ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿਸ਼ਾਹੀਣ ਹੋਣ ਅਤੇ ਨਸ਼ਿਆਂ ਤੋਂ ਬਚਾਉਣ ਲਈ ਪਾਰਟੀ 'ਚ 40 ਫ਼ੀਸਦੀ ਨੁਮਾਇੰਦਗੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਵੱਡੇ ਪੱਧਰ 'ਤੇ ਸੋਸ਼ਲ ਮੀਡੀਆ ਤੋਂ ਜਾਣਕਾਰੀ ਲੈ ਰਹੇ ਹਨ, ਜਿਸ ਵਿੱਚੋਂ ਜ਼ਿਆਦਾਤਰ ਫੇਕ ਹੁੰਦੀ ਹੈ ਅਤੇ ਇਹ ਉਨ੍ਹਾਂ ਦੇ ਵਿਚਾਰਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਵੀ ਉਨ੍ਹਾਂ ਨੇ ਗੰਭੀਰ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਇਸ ਮਸਲੇ ਨੂੰ ਹੱਲ ਕਰਨ ਵਿੱਚ ਅਸਫ਼ਲ ਰਹੀਆਂ ਹਨ। ਪਾਰਟੀ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ 'ਚ ਲਿਜਾਣ ਲਈ ਖ਼ਾਸ ਯੋਜਨਾਵਾਂ ਬਣਾਈਆਂ ਜਾਣਗੀਆਂ।  ਇਸਤਰੀਆਂ ਦੇ ਅਧਿਕਾਰਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਇਸਤਰੀਆਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ 33 ਫ਼ੀਸਦੀ ਰਿਜ਼ਰਵੇਸ਼ਨ ਦੀ ਗੱਲ ਕੀਤੀ ਜਾ ਰਹੀ ਹੈ, ਉੱਥੇ ਉਹ ਇਸ ਤੋਂ ਵੀ ਵੱਧ 35 ਫ਼ੀਸਦੀ ਰਿਜ਼ਰਵੇਸ਼ਨ ਦੇਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਇਸਤਰੀਆਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰੇਗਾ।

ਸਿਹਤ, ਸਿੱਖਿਆ ਅਤੇ ਵਾਤਾਵਰਣ 
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਲਾਨਨਾਮੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਰਾਜ ਦੇ ਦੋ ਅਹਿਮ ਥੰਮ੍ਹ ਮੰਨਦਿਆਂ ਇਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਗੱਲ ਕਹੀ ਗਈ ਹੈ। ਵਾਤਾਵਰਣ ਦੀ ਸੰਭਾਲ, ਖ਼ਾਸ ਕਰਕੇ ਜੰਗਲਾਂ ਹੇਠ ਰਕਬਾ ਵਧਾਉਣ ਅਤੇ ਮੱਤੇਵਾੜਾ ਵਰਗੇ ਜੰਗਲਾਂ ਦੀ ਰਾਖੀ ਨੂੰ ਵੀ ਤਰਜੀਹ ਦਿੱਤੀ ਗਈ ਹੈ। ਸਮਾਜਿਕ ਨਿਆਂ ਤਹਿਤ ਐੱਸ. ਸੀ, ਐੱਸ. ਟੀ, ਓ. ਬੀ. ਸੀ. ਅਤੇ ਜਨਰਲ ਕੈਟਾਗਿਰੀ ਦੇ ਗ਼ਰੀਬ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦਾ ਵਾਅਦਾ ਕੀਤਾ ਗਿਆ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਐਲਾਨਨਾਮਾ ਅਨੰਦਪੁਰ ਸਾਹਿਬ ਦੇ ਮਤੇ ਦੀ ਰੌਸ਼ਨੀ 'ਚ ਤਿਆਰ ਕੀਤਾ ਗਿਆ ਹੈ, ਜੋ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਵਕਾਲਤ ਕਰਦਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਸਟੇਟਾਂ ਦੀਆਂ ਪਾਵਰਾਂ ਖੋਹਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਕੇਂਦਰ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਵਾਉਣ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਇਹ ਐਲਾਨਨਾਮਾ ਬਿਲਕੁਲ 'ਓਪਨ' ਹੈ ਅਤੇ ਪੰਜਾਬ ਦੀ ਬਿਹਤਰੀ ਲਈ ਆਉਣ ਵਾਲੇ ਹੋਰ ਸੁਝਾਵਾਂ ਨੂੰ ਵੀ ਇਸ 'ਚ ਸ਼ਾਮਲ ਕੀਤਾ ਜਾਵੇਗਾ।

ਘੱਟ ਗਿਣਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੋਵਾਂ 'ਚ ਮਾਈਨੋਰਿਟੀ ਵਰਗਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰੱਖਿਆ ਕਰਨਾ ਪਾਰਟੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਵਰਗ ਨਾਲ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਸਭ ਨੂੰ ਬਰਾਬਰੀ ਦੇ ਅਧਿਕਾਰ ਮਿਲਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦਾ ਇਹ ਐਲਾਨਨਾਮਾ ਪੰਜਾਬ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ, ਜਿਸ ਦਾ ਮਕਸਦ ਸੂਬੇ ਨੂੰ ਆਰਥਿਕ, ਸਮਾਜਿਕ ਅਤੇ ਵਾਤਾਵਰਣਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News