ਵੱਡੀ ਖ਼ਬਰ- ਜਥੇਦਾਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

Tuesday, Oct 22, 2024 - 07:28 PM (IST)

ਵੱਡੀ ਖ਼ਬਰ- ਜਥੇਦਾਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਾ ਇਕ ਵਫ਼ਦ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਲਈ ਪਹੁੰਚ ਗਿਆ ਹੈ। ਇਸ ਦੌਰਾਨ ਕਾਰਜਕਾਰੀ ਪ੍ਰਧਾਨ ਭੂੰਦੜ ਨਾਲ ਦਲਜੀਤ ਸਿੰਘ ਚੀਮਾ, ਅਰਸ਼ਦੀਪ ਕਲੇਰ ਸਣੇ ਹੋਰ ਕਈ ਅਕਾਲੀ ਆਗੂ ਹਾਜ਼ਰ ਰਹੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਭੂੰਦੜ ਨੇ ਕਿਹਾ ਕਿ ਅਸੀਂ ਕਿਸੇ ਖਾਸ ਕੰਮ ਲਈ ਇਥੇ ਨਹੀਂ ਆਏ। 

ਇਸ ਮੀਟਿੰਗ ਤੋਂ ਪਹਿਲਾਂ ਮੀਡੀਆ ਨੂੰ ਮਿਲੇ ਸੁਨੇਹੇ ਮੁਤਾਬਕ ਅਕਾਲੀ ਦਲ ਵਲੋਂ ਕੁਝ ਬੇਨਤੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੀਆ ਜਾਣੀਆਂ ਹਨ, ਜਿਸ ਕਾਰਨ ਅਕਾਲੀ ਦਲ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾਵੇਗੀ। ਹਾਲਾਂਕਿ ਜਦ ਅਕਾਲੀ ਦਲ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆਂ ਤਾਂ ਵਫ਼ਦ 'ਚ ਸ਼ਾਮਲ ਆਗੂਆਂ ਨੇ ਕੁਝ ਵੀ ਖੁੱਲ੍ਹ ਕੇ ਬੋਲਣ ਤੋਂ ਸੰਕੋਚ ਕੀਤਾ।

ਦੱਸ ਦਈਏ ਕਿ ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦਾ ਮਸਲਾ ਕਾਫੀ ਵਿਵਾਦਾਂ ਵਿੱਚ ਰਿਹਾ ਜਦ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੇ ਉਸ ਵੇਲੇ ਦੇ ਆਗੂ ਵਿਰਸਾ ਸਿੰਘ ਵਲਟੋਹਾ 'ਤੇ ਗੰਭੀਰ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਸੁਰਖੀਆਂ ਦਾ ਵਿਸ਼ਾ ਬਣ ਗਿਆ। ਹਾਲਾਂਕਿ ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹੈ, ਜਿਸ ਬਾਰੇ ਫੈਸਲਾ ਜਲਦ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਪੰਜਾਬ ਵਿੱਚ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ 'ਤੇ ਸਿੱਧਾ ਅਸਰ ਪਾ ਸਕਦੇ ਹਨ ਕਿਉਂਕਿ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਖੁਦ ਉਮੀਦਵਾਰ ਵਜੋਂ ਮੈਦਾਨ ਵਿੱਚ ਨਿਤਰਣਾ ਚਾਹੁੰਦੇ ਹਨ। ਖੈਰ ਇਨ੍ਹਾਂ ਸਭ ਕਿਆਸਰਾਈਆਂ ਦਾ ਜਵਾਬ ਤਾਂ ਸ਼ਾਇਦ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹੀ ਮਿਲ ਪਾਵੇਗਾ। 

 


author

Harpreet SIngh

Content Editor

Related News