SAD ਆਗਾਮੀ ਵਿਧਾਨਸਭਾ ਸੈਸ਼ਨ ’ਚ ਗਾਂਧੀ ਪਰਿਵਾਰ ਤੇ ਟਾਈਟਲਰ ਖ਼ਿਲਾਫ਼ ਕਾਰਵਾਈ ਦੀ ਮੰਗ ਵਾਲਾ ਮਤਾ ਕਰੇਗਾ ਪੇਸ਼ : ਬਾਦਲ
Friday, Nov 05, 2021 - 11:27 PM (IST)
ਲੁਧਿਆਣਾ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਗਾਮੀ ਵਿਧਾਨ ਸਭਾ ਸੈਸ਼ਨ ’ਚ ਇਕ ਮਤਾ ਪੇਸ਼ ਕਰਕੇ 1984 ਦੀ ਨਸਲਕੁਸ਼ੀ ਕਰਵਾਉਣ ਵਾਲੇ ਗਾਂਧੀ ਪਰਿਵਾਰ ਤੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਵਿਰੁੱਧ ਕਾਰਵਾਈ ਦੀ ਮੰਗ ਕਰੇਗਾ। ਇਥੇ 1984 ਨਸਲਕੁਸ਼ੀ ਦੇ ਪੀੜਤਾਂ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਵਿਧਾਇਕ 8 ਨਵੰਬਰ ਨੂੰ ਹੋਣ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਮਤਾ ਪੇਸ਼ ਕਰਨਗੇ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਸਰਬਸੰਮਤੀ ਨਾਲ ਪਾਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਦੀ ਭੂਮਿਕਾ ਚੰਗੀ ਤਰ੍ਹਾਂ ਦਸਤਾਵੇਜ਼ੀ ਤੌਰ 'ਤੇ ਦਰਜ ਹੈ ਅਤੇ ਇਹ ਸਪੱਸ਼ਟ ਹੈ ਕਿ ਨਵੰਬਰ 1984 ਵਿਚ ਸਿੱਖਾਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ 'ਤੇ ਹਮਲੇ ਦੀ ਸਾਜ਼ਿਸ਼ ਇਸ ਨੇ ਕੀਤੀ ਸੀ, ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਕਤਲੇਆਮ ’ਚ ਸ਼ਾਮਲ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਨ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਨੂੰ ਠੀਕ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ CM ਚੰਨੀ ਨੂੰ ਕੀਤੀ ਇਹ ਅਪੀਲ
ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਵੀ ਕਿਹਾ ਕਿ ਉਹ ਟਾਈਟਲਰ ਦੀ ਕਾਂਗਰਸ ਦੇ ਉੱਚ ਪੈਨਲ ਵਿੱਚ ਨਿਯੁਕਤੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਨਿਯੁਕਤੀ ਦਾ ਸਮਰਥਨ ਕਿਉਂ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਪੈਟਰੋਲ ਅਤੇ ਡੀਜ਼ਲ ’ਤੇ ਸੂਬਾਈ ਵੈਟ 10 ਰੁਪਏ ਪ੍ਰਤੀ ਲੀਟਰ ਤੁਰੰਤ ਘਟਾਉਣ ਲਈ ਵੀ ਕਿਹਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖਜ਼ਾਨਾ ਭਰਿਆ ਹੋਣ ਦੀ ਗੱਲ ਕਹੀ ਸੀ। ਇਸ ਲਈ ਉਨ੍ਹਾਂ ਨੂੰ ਪੈਟਰੋਲ ਅਤੇ ਡੀਜ਼ਲ ’ਤੇ ਸੂਬਾਈ ਵੈਟ ’ਚ ਉਸੇ ਤਰਜ਼ ’ਤੇ ਤੁਰੰਤ ਕਟੌਤੀ ਕਰਨ ’ਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ, ਜਿਵੇਂ ਕਿ ਕੇਂਦਰ ਤੇ ਹੋਰ ਸੂਬਾਈ ਸਰਕਾਰਾਂ ਵੱਲੋਂ ਕੀਤੀ ਗਈ ਹੈ। ਇਸ ਦੌਰਾਨ ਬਾਦਲ ਨੇ ਐਲਾਨ ਕੀਤਾ ਕਿ ਅਗਲੇ ਸਾਲ ਅਕਾਲੀ-ਬਸਪਾ ਸਰਕਾਰ 1984 ’ਚ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਉਣ ਤੋਂ ਬਾਅਦ ਸੂਬੇ ’ਚੋਂ ਚਲੇ ਗਏ ਸ਼ਰਨਾਰਥੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਤਲੇਆਮ ਪੀੜਤ ਭਲਾਈ ਬੋਰਡ ਦਾ ਗਠਨ ਕਰੇਗੀ। ਉਨ੍ਹਾਂ ਕਿਹਾ ਕਿ ਬੋਰਡ ਨੂੰ ਸ਼ਰਨਾਰਥੀਆਂ ਦੇ ਸਾਰੇ ਮੁੱਦਿਆਂ ਦੇ ਹੱਲ ਲਈ ਲੋੜੀਂਦੇ ਫੰਡ ਦਿੱਤੇ ਜਾਣਗੇ।
ਉਨ੍ਹਾਂ ਦੰਗਾ ਪੀੜਤ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਨੂੰ ਵੀ ਭਰੋਸਾ ਦਿਵਾਇਆ ਕਿ ਅਗਲੀ ਸਰਕਾਰ ਮਕਾਨਾਂ ਸਮੇਤ ਉਨ੍ਹਾਂ ਦੇ ਸਾਰੇ ਮੁੱਦਿਆਂ ਨੂੰ ਹਮਦਰਦੀ ਨਾਲ ਵਿਚਾਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ। ਸ਼੍ਰੀ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ-ਬਸਪਾ ਸਰਕਾਰ ਬਾਬਾ ਵਿਸ਼ਵਕਰਮਾ ਜੀ ਸਕਿੱਲ ਯੂਨੀਵਰਸਿਟੀ ਦਾ ਗਠਨ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਉਦਯੋਗਿਕ ਖੇਤਰ ’ਚ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਤਕਨੀਕੀ ਸਿਖਲਾਈ ਦਿੱਤੀ ਜਾ ਸਕੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਪੁੱਛੇ ਜਾਣ 'ਤੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਧੂ ’ਤੇ ਕੋਈ ਭਰੋਸਾ ਨਹੀਂ ਕਰ ਸਕਦਾ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਬਾਰੇ ਬਾਦਲ ਨੇ ਕਿਹਾ ਕਿ ਸਾਬਕਾ ਮੰਤਰੀ ਅਕਾਲੀ ਆਗੂਆਂ ਵਿਰੁੱਧ ਬਦਲਾਖੋਰੀ ਦੀ ਕਾਰਵਾਈ ਕਰ ਰਿਹਾ ਹੈ ਭਾਵੇਂ ਕਿ ਉਹ ਕਿਸੇ ਵੀ ਕਾਂਗਰਸੀ ਬੱਸ ਆਪਰੇਟਰ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਿਹਾ। ਬਾਦਲ ਨੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੁੱਗਰੀ ਵਿਖੇ ਕਰਵਾਏ ਜਾ ਰਹੇ ਪਾਠ ਦੇ ਭੋਗ ਸਮਾਗਮ ’ਚ ਸ਼ਿਰਕਤ ਕੀਤੀ। ਦਿਨ ਵੇਲੇ ਉਨ੍ਹਾਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵਿਸ਼ਵਕਰਮਾ ਦਿਵਸ ਸਮਾਗਮ ’ਚ ਵੀ ਸ਼ਿਰਕਤ ਕੀਤੀ। ਬਾਦਲ ਨੇ ਲੁਧਿਆਣਾ ਦੇ ਉਦਯੋਗਪਤੀ ਗੁਰਮੀਤ ਸਿੰਘ ਕੁਲਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਦਾ ਉਦਯੋਗਿਕ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਵੱਖ-ਵੱਖ ਸਮਾਗਮਾਂ ’ਚ ਹਾਜ਼ਰ ਹੋਰ ਸੀਨੀਅਰ ਆਗੂਆਂ ’ਚ ਮਹੇਸ਼ਇੰਦਰ ਗਰੇਵਾਲ, ਹਰੀਸ਼ ਰਾਏ ਢਾਂਡਾ, ਹੀਰਾ ਸਿੰਘ ਗਾਬੜੀਆ, ਗੁਰਮੀਤ ਸਿੰਘ ਕੁਲਾਰ, ਹਰੀ ਸਿੰਘ ਪ੍ਰੀਤ ਤੇ ਵਿਜੇ ਦਾਨਵ ਸ਼ਾਮਲ ਸਨ।