ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਧਰਮਸੋਤ

Tuesday, Dec 31, 2019 - 06:51 PM (IST)

ਹੁਸ਼ਿਆਰਪੁਰ  (ਘੁੰਮਣ)— ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਪਿੰਡ ਨੰਗਲ ਖਿਲਾੜੀਆਂ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ 'ਚ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਇਕ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਹਰੇਕ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਤੋਂ ਇਲਾਵਾ ਗਰੀਬ ਵਰਗ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਤਹਿਤ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਹੋਰ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਥੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਸਾਧੂ ਸਿੰਘ ਧਰਮਸੋਤ ਨੇ ਪਿੰਡ ਨੰਗਲ ਖਿਲਾੜੀਆਂ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਪਿੰਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਲਈ ਤੰਦਰੁਸਤ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਸੂਬਾ ਸਰਕਾਰ ਵਲੋਂ ਨੌਜਵਾਨੀ ਨੂੰ ਸਿਹਤਮੰਦ ਰੱਖਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।

ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਜਿਥੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ, ਉਥੇ ਪਿੰਡ ਲਈ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਵਿੱਢੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਤਾਂ ਜੋ ਵਿਕਾਸ ਪੱਖੋਂ ਚੱਬੇਵਾਲ ਹਲਕੇ ਦੀ ਨੁਹਾਰ ਬਦਲੀ ਜਾ ਸਕੇ। ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵੱਲੋਂ ਜੇਤੂ ਟੀਮ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਜ਼ਿਲਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਰਜੁਨ ਐਵਾਰਡੀ ਗੁਰਦੇਵ ਸਿੰਘ, ਜ਼ਿਲਾ ਪ੍ਰਧਾਨ ਯੂਥ ਸਪੋਰਟਸ ਕਲੱਬ ਨੰਗਲ ਖਿਲਾੜੀਆਂ ਨਵਨੀਤ ਭਾਰਦਵਾਜ, ਸਕੱਤਰ ਜੀ. ਸੀ. ਭਾਰਦਵਾਜ, ਵਾਈਸ ਚੇਅਰਮੈਨ ਜ਼ਿਲਾ ਪ੍ਰੀਸ਼ਦ ਮਨਪ੍ਰੀਤ ਕੌਰ, ਸਰਪੰਚ ਵੰਦਨਾ ਦੇਵੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।


shivani attri

Content Editor

Related News