ਦੇਸ਼ ''ਚ ਫੁੱਟ ਪਾਉਣ ਤੇ ਸੰਵਿਧਾਨ ਨੂੰ ਨਸ਼ਟ ਕਰਨ ਵਾਲੀਆਂ ਤਾਕਤਾਂ ਖਿਲਾਫ ਸਾਰੇ ਹੋਣ ਇਕਜੁੱਟ : ਧਰਮਸੌਤ

02/10/2020 1:33:34 PM

ਜਲੰਧਰ/ਚੰਡੀਗੜ੍ਹ (ਚੋਪੜਾ, ਕਮਲ)— ਦੇਸ਼ 'ਚ ਫੁੱਟ ਪਾਉਣ ਵਾਲੀਆਂ ਤਾਕਤਾਂ ਸੰਵਿਧਾਨ ਨੂੰ ਨਸ਼ਟ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਅਜਿਹੀਆਂ ਤਾਕਤਾਂ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ, ਇਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਸਥਾਨਕ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਕੀਤਾ। ਧਰਮਸੌਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਆਪਣੇ ਆਦਰਸ਼ਾਂ ਰਾਹੀਂ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਗਈ ਸੀ ਅਤੇ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸ਼ਰਧਾਲੂਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸੰਵਿਧਾਨ ਦੀ ਰੱਖਿਆ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਰਮਸੌਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਕਈ ਅਹਿਮ ਕਦਮ ਚੁੱਕੇ ਗਏ ਹਨ। ਲੋੜਵੰਦ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਸੰਜੀਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਇਹ ਬਕਾਇਆ ਸਾਲ 2014-17 ਦਾ ਸੀ ਅਤੇ ਪੰਜਾਬ ਸਰਕਾਰ ਵਲੋਂ ਇਸ ਨੂੰ ਕਾਲਜਾਂ ਨੂੰ ਵੰਡ ਕੇ ਇਸ ਦਾ ਵਰਤੋਂ ਸਰਟੀਫਿਕੇਟ ਕੇਂਦਰ ਨੂੰ ਭੇਜਿਆ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਗਰੀਬਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਤੋਂ ਪਿਛੇ ਹਟਣ ਦੀ ਨਿੰਦਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਤਰ੍ਹਾਂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਵਾਲੀ ਇਸ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।

PunjabKesari

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ, ਰਾਜਿੰਦਰ ਬੇਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਰਾਜ ਦੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ਗੁਰੂ ਜੀ ਵੱਲੋਂ ਸਮਾਜ ਦੇ ਕਲਿਆਣ ਲਈ ਦਿੱਤਾ ਗਿਆ ਸੰਦੇਸ਼ ਸਮਾਜ ਲਈ ਗਿਆਨ ਦਾ ਸਰੋਤ ਹੈ। ਉਨ੍ਹਾਂ ਦੀ ਜੀਵਨ ਅਤੇ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਹਮੇਸ਼ਾ ਮਾਣ, ਸਨਮਾਨ, ਜਾਤਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜਿਕ ਨਿਆਂ ਭਰਪੂਰ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਮਹਾਨ ਅਧਿਆਤਮਕ ਨੇਤਾ ਅਤੇ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਮਸੀਹਾ ਸਨ, ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਮਜ਼ਬੂਤ ਸਮਾਜ ਦੀ ਸਥਾਪਨਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਸ੍ਰੀ ਗੁਰੂ ਰਵਿਦਾਸ ਭਵਨ ਨਿਰਮਾਣ ਲਈ ਧਰਮਸੌਤ ਵੱਲੋਂ 10 ਦੇਣ ਦਾ ਐਲਾਨ
ਇਸ ਮੌਕੇ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ, ਸ਼ਾਲ ਅਤੇ ਸਿਰੋਪਾਓ ਵੀ ਭੇਟ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਪਣੇ ਅਖਤਿਆਰੀ ਫੰਡ 'ਚੋਂ ਭਵਨ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜ਼ਿਲਾ ਤੇ ਸੈਸ਼ਨ ਜੱਜ ਕਪੂਰਥਲਾ ਕਿਸ਼ੋਰ ਕੁਮਾਰ, ਜ਼ਿਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਤੇ ਕੌਂਸਲਰ ਡਾ. ਜਸਲੀਨ ਸੇਠੀ, ਪੰਜਾਬ ਗਊ ਰੱਖਿਆ ਕਮਿਸ਼ਨ ਦੇ ਮੈਂਬਰ ਅਤੇ ਕਾਂਗਰਸ ਨੇਤਾ ਅਸ਼ੋਕ ਗੁਪਤਾ, ਕੈਬਨਿਟ ਮੰਤਰੀ ਦੇ ਸਲਾਹਕਾਰ ਯਸ਼ਪਾਲ ਧੀਮਾਨ, ਅੰਮ੍ਰਿਤ ਖੋਸਲਾ, ਜਗਦੀਪ ਸਿੰਘ ਸੋਨੂੰ ਸੰਧਰ, ਰਿਟਾਇਰਡ ਆਈ. ਏ. ਐੱਸ. ਕਪਿਲ ਦੇਵ, ਟਰੱਸਟ ਦੀ ਪ੍ਰਧਾਨ ਲੀਨਾ ਦੇਵ, ਡਾ. ਜਸਬੀਰ ਸਿੰਘ ਬੀਰ, ਸੋਹਣ ਲਾਲ, ਮਾਲ ਅਧਿਕਾਰੀ ਮਨੋਹਰ ਲਾਲ, ਪ੍ਰਿੰਸੀਪਲ ਆਰ. ਐੱਲ. ਸ਼ੈਲੀ, ਪ੍ਰੋ. ਐੱਸ. ਕੇ ਮਿੱਢਾ, ਹਰੀ ਸਿੰਘ ਥਿੰਦ, ਮੁਲਖਰਾਜ, ਦਰਸ਼ਨ ਲੇਖ ਸਣੇ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ।


shivani attri

Content Editor

Related News