ਪੰਜਾਬ ਸਰਕਾਰ ਮ੍ਰਿਤਕ ਦਲਿਤ ਨੌਜਵਾਨ ਦੇ ਪਰਿਵਾਰ ਨੂੰ ਦੇਵੇਗੀ ਮੁਆਵਜ਼ਾ : ਧਰਮਸੌਤ

11/18/2019 3:56:56 PM

ਚੰਡੀਗੜ੍ਹ (ਕਮਲ) : ਜ਼ਿਲਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਧਰਮਸੌਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ 'ਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਉੱਚ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਧਰਮਸੌਤ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਐੱਸ.ਸੀ./ਐੱਸ.ਟੀ. ਐਕਟ ਅਧੀਨ ਪੀੜਤ ਪਰਿਵਾਰ ਨੂੰ 8.15 ਲੱਖ ਰੁਪਏ ਦੀ ਰਾਸ਼ੀ ਮੁਆਵਜ਼ੇ ਵਜੋਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਕ ਪਰਿਵਾਰਕ ਮੈਂਬਰ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ। ਧਰਮਸੌਤ ਨੇ ਆਖਿਆ ਕਿ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਜਲਦੀ ਹੀ ਢੁੱਕਵੇਂ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬੇਹੱਦ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਧਰਮਸੌਤ ਨੇ ਕਿਹਾ ਕਿ ਉਹ ਖੁਦ ਅਤੇ ਕਾਂਗਰਸ ਸਰਕਾਰ ਪੰਜਾਬ ਦੇ ਦਲਿਤ ਭਾਈਚਾਰੇ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਤੇ ਸੂਬੇ ਵਿਚ ਕਿਸੇ ਵੀ ਦਲਿਤ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਲਹਿਰਾਗਾਗਾ ਦੇ ਐੱਸ.ਡੀ.ਐੱਮ. ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।


Anuradha

Content Editor

Related News