ਪੰਜਾਬ ਸਰਕਾਰ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ : ਧਰਮਸੌਤ

12/07/2019 1:18:41 AM

ਚੰਡੀਗੜ੍ਹ/ਪਟਿਆਲਾ,(ਕਮਲ/ਰਾਜੇਸ਼/ਜੋਸਨ): ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੌਰਾਨ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਧਰਮਸੌਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਵੀਂ ਖੇਡ ਨੀਤੀ-2018 ਬਣਾਈ, ਜਿਸ ਤਹਿਤ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ, ਨਕਦ ਪੁਰਸਕਾਰ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਦਿੱਤੇ ਗਏ ਹਨ ਜਦੋਂਕਿ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਮੈਂਟ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਤੇ 10 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।