ਧਰਮਸੋਤ ਦਾ ਕੇਂਦਰ ''ਤੇ ਵਾਰ, SC ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਸਰਕਾਰ

Wednesday, Jul 08, 2020 - 03:27 PM (IST)

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਨਿੱਜੀ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ। ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਸਿੱਖਿਆ ਹਾਸਲ ਕਰਕੇ ਹੀ ਐਸ. ਸੀ. ਨੌਜਵਾਨ ਜੀਵਨ ’ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭੱਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈ, ਜਿਸਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।

ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ। ਧਰਮਸੋਤ ਨੇ ਵਫ਼ਦ ਨੂੰ ਕਿਹਾ ਕਿ ਉਹ ਛੇਤੀ ਹੀ ਐਸ. ਸੀ. ਵਿੱਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਕੋਈ ਸਾਰਥਕ ਹੱਲ ਕੱਢਿਆ ਜਾ ਸਕੇ।
ਿ੍


Babita

Content Editor

Related News