ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਨਿਰਧਾਰਿਤ ਸਮੇਂ ਅੰਦਰ ਹੱਲ ਹੋਣ : ਧਰਮਸੋਤ

07/09/2020 3:43:20 PM

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ/ਮੁਸ਼ਕਲਾਂ ਦਾ ਹੱਲ ਨਿਰਧਾਰਿਤ ਸਮੇਂ ਅੰਦਰ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ। ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ।

ਇਹ ਵੀ ਪੜ੍ਹੋ : ਕਾਰਗਿਲ 'ਚ ਲਾਪਤਾ ਫੌਜੀ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਲਾਸ਼ ਬਰਾਮਦ

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵੀ ਘੱਟ ਗਿਣਤੀਆਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫਿਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹ ਦੇ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ। ਧਰਮਸੋਤ ਨੇ ਕਮਿਸ਼ਨ ਵੱਲੋਂ ਚੁੱਕੀਆਂ ਗਈਆਂ ਵੱਖ-ਵੱਖ ਮੰਗਾਂ ਅਤੇ ਹੋਰ ਮਸਲਿਆਂ ਨੂੰ ਤਰਜ਼ੀਹੀ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ 'ਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਈਮੈਨੂਅਲ ਨਾਹਰ, ਸੀਨੀਅਰ ਵਾਈਸ ਚੇਅਰਮੈਨ ਮੁਹੰਮਦ ਰਫ਼ੀ, ਵਾਈਸ ਚੇਅਰਮੈਨ ਹੰਸ ਰਾਜ, ਕਾਨੂੰਨੀ ਸਲਾਹਕਾਰ ਐਂਜਲੀਨਾ ਬਰਾੜ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਅਤੇ ਮਹਿਕਮੇ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਚੜ੍ਹਦੀ ਸਵੇਰ ਬੁਰੀ ਖਬਰ, 'ਕੋਰੋਨਾ' ਦੇ 45 ਨਵੇਂ ਕੇਸਾਂ ਦੀ ਪੁਸ਼ਟੀ
 

Babita

This news is Content Editor Babita