ਧਰਮਸੋਤ ਨੇ ਕਿਸਾਨਾਂ ਦੇ ਹੱਕ ''ਚ ਬੁਲੰਦ ਕੀਤੀ ਆਵਾਜ਼, ਮੋਦੀ ਸਰਕਾਰ ਖ਼ਿਲਾਫ਼ ਕੱਸੇ ਤੰਜ

11/28/2020 3:10:19 PM

ਨਾਭਾ (ਰਾਹੁਲ) : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਸ਼ਬਦੀ ਹਮਲੇ ਕਰਦਿਆਂ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕੀਤੀ। ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ 70 ਫ਼ੀਸਦੀ ਲੋਕਾਂ ਦਾ ਢਿੱਡ ਭਰਿਆ ਹੈ ਪਰ ਉਨ੍ਹਾਂ ਨੂੰ ਆਪਣੀਆਂ ਮੰਗਾਂ ਮਨਾਉਣ ਵਾਸਤੇ ਵੀ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ 'ਤੇ ਜੋ ਜ਼ੁਲਮ ਕੀਤਾ, ਡੰਡੇ ਵਰ੍ਹਾਏ ਅਤੇ ਪਾਣੀ ਦੀਆਂ ਬੌਛਾੜਾਂ ਨਾਲ ਉਨ੍ਹਾਂ 'ਤੇ ਹਮਲਾ ਕੀਤਾ, ਇਹ ਇਤਹਾਸ 'ਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਅਡਾਣੀਆਂ-ਅੰਬਾਨੀਆਂ ਨੂੰ ਸਰਕਾਰ ਰਾਹਤ ਜ਼ਰੂਰ ਦੇਵੇ ਪਰ ਕਿਸਾਨੀ ਨੂੰ ਮਾਰ ਕੇ ਨਹੀਂ। ਮੰਤਰੀ ਧਰਮਸੋਤ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਜੋ ਜ਼ੁਲਮ ਕੀਤਾ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਾਡੇ ਦੇਸ਼ ਦੀ ਰਾਜਧਾਨੀ ਹੈ ਅਤੇ ਕਿਸਾਨਾਂ ਨੇ ਦਿੱਲੀ ਜਾ ਕੇ ਕੋਈ ਮਾੜਾ ਕੰਮ ਨਹੀਂ, ਸਗੋਂ ਆਪਣੇ ਹੱਕਾਂ ਦੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ 'ਤੇ ਕੋਈ ਵੀ ਮੁਸ਼ਕਲ ਆਵੇ, ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਖੱਟੜ ਸਰਕਾਰ ਵੱਲੋਂ ਕਿਸਾਨਾਂ 'ਤੇ ਪਰਚੇ ਦਰਜ ਕਰਨ ਸਬੰਧੀ ਪਲਟਵਾਰ ਕਰਦਿਆਂ ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਭਗਤ ਸਿੰਘ ਅਤੇ ਊਧਮ ਸਿੰਘ ਦੀ ਔਲਾਦ ਹਨ, ਜਿਨ੍ਹਾਂ ਨੇ ਹੱਸਦੇ-ਹੱਸਦੇ ਫਾਂਸੀ ਦੇ ਫੰਦਿਆਂ ਨੂੰ ਗਲ ਲਾਇਆ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਤੰਜ ਕੱਸਦਿਆਂ ਕਿਹਾ ਕਿ ਮੋਦੀ ਸਾਹਿਬ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ, ਜੋ ਤੁਹਾਡੀ ਸਰਕਾਰ ਕਿਸਾਨਾਂ 'ਤੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਦਿੱਲੀ ਗਏ ਹਨ। ਧਰਮਸੋਤ ਨੇ ਕਿਹਾ ਕਿ ਕਿਸਾਨ ਕੀ ਭੁੱਖਾ ਮਰ ਜਾਵੇ ਜਾਂ ਫਿਰ ਅਡਾਣੀਆਂ-ਅੰਬਾਨੀਆਂ ਦੇ ਘਰ ਰੋਟੀ ਖਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵੀ ਆਪਣੇ ਬੱਚੇ ਪਾਲਣੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਾਰ ਕਰਦਿਆਂ ਧਰਮਸੋਤ ਨੇ ਕਿਹਾ ਕਿ ਹੁਣ ਤਾਂ ਪੰਜਾਬ ਦਾ ਕਿਸਾਨ ਦਿੱਲੀ ਬੈਠ ਗਿਆ ਹੈ ਅਤੇ ਹੁਣ ਕੀ ਕੇਜਰੀਵਾਲ ਉਨ੍ਹਾਂ ਦਾ ਸਵਾਗਤ ਕਰੇਗਾ? 
 

Babita

This news is Content Editor Babita