ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਜਲਦ ਹੱਲ ਹੋਣ : ਧਰਮਸੋਤ
Thursday, Mar 25, 2021 - 02:59 PM (IST)
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਪੱਛੜੇ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰ੍ਹਾਂ ਦੀਆਂ ਸ਼ਿਕਾਇਤਾਂ/ਮੁਸ਼ਕਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ। ਅੱਜ ਇੱਥੇ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਪੱਛੜੇ ਵਰਗਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵੀ ਪੱਛੜੇ ਵਰਗ ਦੇ ਲੋਕਾਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫਿਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹ ਦੇ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ। ਧਰਮਸੋਤ ਨੇ ਕਮਿਸ਼ਨ ਵੱਲੋਂ ਚੁੱਕੇ ਹੋਰਨਾਂ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਵਿੱਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਵਣ ਸਿੰਘ ਰਾਮਗੜੀਆ, ਵਾਈਸ ਚੇਅਰਮੈਨ ਗੁਰਿੰਦਰ ਪਾਲ ਸਿੰਘ ਬਿੱਲਾ ਤੇ ਸੁਖਵਿੰਦਰ ਸਿੰਘ, ਸੁਭਾਸ਼ ਚੌਧਰੀ, ਲੱਖਾ ਸਿੰਘ, ਹਰਮੀਤ ਸਿੰਘ ਕੰਬੋਜ, ਸੁਰਿੰਦਰ ਸਿੰਘ ਬਿੱਟੂ, ਰਮਨ, ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।