ਸੱਜਣ ਕੁਮਾਰ ਨੂੰ ਬਰੀ ਕਰਨ ਖ਼ਿਲਾਫ਼ ਖਰੜ ''ਚ ਪ੍ਰਦਰਸ਼ਨ, ਪੁਤਲਾ ਫੂਕਿਆ
Saturday, Jan 24, 2026 - 01:40 PM (IST)
ਖਰੜ (ਅਮਰਦੀਪ ਸਿੰਘ ਸੈਣੀ) : 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਅੱਜ ਖਰੜ ਬੱਸ ਸਟੈਂਡ ‘ਤੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਬਰੀ ਕਰਨ ਦੇ ਫੈਸਲੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੱਜਣ ਕੁਮਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਪ੍ਰਗਟ ਕੀਤਾ। ਰੋਸ ਧਰਨੇ ਦੀ ਅਗਵਾਈ ਕਰਦੇ ਹੋਏ 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖ ਕੌਮ ਨਾਲ ਵੱਡੀ ਬੇਇਨਸਾਫੀ ਹੈ ਅਤੇ ਇਹ ਫੈਸਲਾ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦਾ ਯੋਜਨਾਬੱਧ ਤਰੀਕੇ ਨਾਲ ਕਤਲੇਆਮ ਕੀਤਾ ਗਿਆ, ਜਿਸਦੇ ਕਈ ਚਸ਼ਮਦੀਦ ਗਵਾਹ ਅਤੇ ਸਬੂਤ ਮੌਜੂਦ ਹਨ, ਫਿਰ ਵੀ ਦੋਸ਼ੀਆਂ ਨੂੰ ਸਜ਼ਾ ਨਾ ਮਿਲਣਾ ਨਿਆਂ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜੇ ਕਰਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਸਰਪਰਸਤੀ ਹੇਠ ਸਿੱਖਾਂ ਦੇ ਘਰਾਂ ਅਤੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਬੇਗੁਨਾਹ ਸਿੱਖ ਮਰਦਾਂ, ਔਰਤਾਂ ਅਤੇ ਬਜ਼ੁਰਗਾਂ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ। ਅਜਿਹੇ ਫੈਸਲੇ ਦਰਸਾਉਂਦੇ ਹਨ ਕਿ ਅਦਾਲਤਾਂ ਵੀ ਸਿਆਸੀ ਦਬਾਅ ਹੇਠ ਕੰਮ ਕਰ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਐਕਟਿੰਗ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਸਿੱਖ ਕੌਮ ਨਾਲ ਲਗਾਤਾਰ ਬੇਇਨਸਾਫੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਨਸਾਫ ਲਈ ਆਪਣਾ ਸੰਘਰਸ਼ ਜਾਰੀ ਰੱਖਣਾ ਪਵੇਗਾ ਅਤੇ ਅਜਿਹੇ ਜਾਬਰ ਨਿਜਾਮ ਦੇ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਲੋੜੀਂਦੀ ਹੈ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਿਆਂ ਦੀ ਮੰਗ ਕਰਦੇ ਹੋਏ ਸੱਜਣ ਕੁਮਾਰ ਦੀ ਬਰੀਕਰਨ ਦਾ ਫੈਸਲਾ ਵਾਪਸ ਲੈਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਸਿੰਘ ਬੜੋਦੀ ਅਤੇ ਹੋਰ ਆਗੂ ਹਾਜ਼ਰ ਸਨ।
