ਸੱਜਣ ਕੁਮਾਰ ਨੂੰ ਕੈਦ ਮਨਮੋਹਨ ਸਰਕਾਰ ਦੀ ਅਪੀਲ ''ਤੇ ਹੋਈ : ਤ੍ਰਿਪਤ ਬਾਜਵਾ

01/07/2019 9:35:31 AM

ਚੰਡੀਗੜ੍ਹ(ਅਸ਼ਵਨੀ)— ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ 1984 ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਕੇਸ ਵਿਚ ਹੋਈ ਉਮਰ ਕੈਦ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਨੂੰ ਕੋਰਾ ਝੂਠ, ਸੱਚਾਈ ਤੋਂ ਕੋਹਾਂ ਦੂਰ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਬਾਜਵਾ ਨੇ ਇਕ ਬਿਆਨ 'ਚ ਕਿਹਾ ਹੈ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਸੀ.ਬੀ.ਆਈ. ਵਲੋਂ 30 ਅਪ੍ਰੈਲ 2013 ਨੂੰ ਹੇਠਲੀ ਅਦਾਲਤ ਵਲੋਂ ਉਸ ਨੂੰ ਬਰੀ ਕਰਨ ਦੇ ਫੈਸਲੇ ਵਿਰੁੱਧ ਦਿੱਲੀ ਹਾਈਕੋਰਟ 'ਚ ਪਾਈ ਗਈ ਅਪੀਲ 'ਤੇ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਕੇਂਦਰੀ  ਸਰਕਾਰ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਹੀ ਸੱਜਣ ਕੁਮਾਰ ਅੱਜ ਜੇਲ ਵਿਚ ਬੰਦ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੇ ਇਸ ਦਾਅਵੇ ਵਿਚ ਕੋਈ ਸੱਚਾਈ ਨਹੀਂ ਹੈ ਕਿ ਸੱਜਣ ਕੁਮਾਰ ਨੂੰ ਸਜ਼ਾ ਕੇਂਦਰ ਸਰਕਾਰ ਵਲੋਂ 2015 ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਬੰਦ ਕੀਤੇ ਗਏ ਕੇਸਾਂ ਨੂੰ ਮੁੜ ਖੋਲ੍ਹੇ ਜਾਣ ਦੇ ਸਿੱਟੇ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਸੱਜਣ ਕੁਮਾਰ ਵਿਰੁੱਧ ਚੱਲ ਰਹੇ 2 ਹੋਰ ਕੇਸ ਵਿਸ਼ੇਸ਼ ਜਾਂਚ ਟੀਮ ਵਲੋਂ ਮੁੜ ਖੋਲ੍ਹੇ ਗਏ ਹਨ।  ਪ੍ਰਧਾਨ ਮੰਤਰੀ ਮੋਦੀ ਨੂੰ ਅਜਿਹੇ ਬਹੁਤ ਹੀ ਨਾਜ਼ੁਕ ਮਾਮਲੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਪਹਿਲਾਂ ਤੱਥਾਂ ਨੂੰ ਜ਼ਰੂਰ ਘੋਖਣਾ ਚਾਹੀਦਾ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਨੂੰ ਵੀ ਝੂਠਾ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਬਣ ਰਿਹਾ ਲਾਂਘਾ ਵੀ ਉਨ੍ਹਾਂ ਦੀ ਸਰਕਾਰ ਦੀ ਹੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਈ ਬਣ ਰਿਹਾ ਲਾਂਘਾ ਮੁਲਕ ਦੇ ਪਿਛਲੇ ਪ੍ਰਧਾਨ ਮੰਤਰੀਆਂ ਵਲੋਂ ਕੀਤੀਆਂ ਗਈਆਂ ਲਗਾਤਾਰ ਕੋਸ਼ਿਸ਼ਾਂ ਤੇ ਸਿੱਖ ਸੰਗਤ ਵਲੋਂ ਕੀਤੀਆਂ ਗਈਆਂ ਅਰਦਾਸਾਂ ਸਦਕਾ ਹੋਂਦ ਵਿਚ ਆ ਰਿਹਾ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਾ ਸਿਹਰਾ ਸਿਰਫ਼ ਆਪਣੇ ਸਿਰ ਬੰਨ੍ਹਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।


cherry

Content Editor

Related News