ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਕਰ''ਤਾ ਵੱਡਾ ਐਲਾਨ

Thursday, Oct 24, 2024 - 05:27 AM (IST)

ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਕਰ''ਤਾ ਵੱਡਾ ਐਲਾਨ

ਜੈਤੋ (ਜਿੰਦਲ, ਪਰਾਸ਼ਰ) - ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਵਲੋਂ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਹੱਲ ਕਰਨ ਲਈ ਦੋ ਦਿਨ ਦੇ ਦਿੱਤੇ ਭਰੋਸੇ ਮਗਰੋਂ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ , ਬੂਟਾ ਸਿੰਘ ਬੁਰਜ ਗਿੱਲ ਅਤੇ ਬੋਘ ਸਿੰਘ ਮਾਨਸਾ ਨੇ ਕੀਤੀ।

ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨੋਟ ਕੀਤਾ ਗਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਦਿਵਾਏ ਗਏ ਭਰੋਸੇ ਦੇ ਬਾਵਜੂਦ ਮੰਡੀਆਂ ਵਿਚ ਖਰੀਦ ਅਤੇ ਲਿਫਟਿੰਗ ਦਾ ਸੰਕਟ ਜਿਉਂ ਦਾ ਤਿਉਂ ਬਰਕਰਾਰ ਹੈ, ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਫਸਲ ’ਤੇ ਕੱਟ ਲਾ ਕੇ ਕਿਸਾਨਾਂ ਨੂੰ ਆਪਣੀ ਫਸਲ ਐੱਮ. ਐੱਸ. ਪੀ. ਤੋਂ ਘੱਟ ਵੇਚਣ ਲਈ ਮਜਬੂਰ ਕਰ ਦਿੱਤਾ ਗਿਆ ਹੈ।

ਮੀਟਿੰਗ ’ਚ ਆਗੂਆਂ ਨੇ ਕਿਸਾਨਾਂ ਦੇ ਮੰਡੀਆਂ ਵਿਚ ਰੁਲਣ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਕਟਹਿਰੇ ਵਿਚ ਖੜ੍ਹਾ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕਰਦਿਆਂ ਐਲਾਨ ਕੀਤਾ ਕਿ 25 ਅਕਤੂਬਰ ਨੂੰ ਸੂਬੇ ਭਰ ਵਿਚ ਮੰਡੀਆਂ ਦੇ ਨੇੜੇ ਪ੍ਰਮੁੱਖ ਸੜਕ ਮਾਰਗਾਂ ’ਤੇ 11 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ 11 ਤੋਂ 3 ਵਜੇ ਤੱਕ ਮੁਕੰਮਲ ਘਿਰਾਓ ਕੀਤਾ ਜਾਵੇਗਾ।

ਇਸ ਦੌਰਾਨ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਸਰਕਾਰ ਡੀ. ਏ. ਪੀ. ਦਾ ਤੁਰੰਤ ਪ੍ਰਬੰਧ ਕਰੇ ਅਤੇ ਖਾਦ ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਵੇ। ਮੋਰਚੇ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਬਾਸਮਤੀ ’ਤੇ ਐੱਮ. ਐੱਸ. ਪੀ. ਦੇ ਕੇ ਬਾਸਮਤੀ ਕਾਸ਼ਤਕਾਰਾਂ ਨੂੰ ਰਾਹਤ ਮੁਹੱਈਆ ਕਰਵਾਏ।

ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਹਰਮੀਤ ਸਿੰਘ ਕਾਦੀਆਂ, ਰੁਲਦੂ ਸਿੰਘ ਮਾਨਸਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਿੰਦਰ ਸਿੰਘ ਗੋਲੇਵਾਲਾ, ਫੁਰਮਾਨ ਸਿੰਘ ਸੰਧੂ, ਰਘਵੀਰ ਸਿੰਘ ਬੈਨੀਪਾਲ, ਬਲਜੀਤ ਸਿੰਘ ਗਰੇਵਾਲ, ਅਵਤਾਰ ਸਿੰਘ ਮੇਹਲੋਂ, ਗੁਰਮੀਤ ਸਿੰਘ ਮਹਿਮਾ, ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂਵਾਲਾ, ਪ੍ਰੇਮ ਸਿੰਘ ਭੰਗੂ, ਹਰਬੰਸ ਸਿੰਘ ਸੰਘਾ, ਰਘਬੀਰ ਸਿੰਘ ਵੜੈਚ ਅਤੇ ਸੁਖ ਗਿੱਲ ਮੋਗਾ ਹਾਜ਼ਰ ਸਨ।
 


author

Inder Prajapati

Content Editor

Related News