ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਦੀ 26 ਨਵੰਬਰ ਨੂੰ ਸਿੰਘੂ ਸਰਹੱਦ 'ਤੇ ਹੋਵੇਗੀ ਮੀਟਿੰਗ

Thursday, Oct 27, 2022 - 11:15 AM (IST)

ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਦੀ 26 ਨਵੰਬਰ ਨੂੰ ਸਿੰਘੂ ਸਰਹੱਦ 'ਤੇ ਹੋਵੇਗੀ ਮੀਟਿੰਗ

ਚੰਡੀਗੜ੍ਹ (ਰਮਨਜੀਤ ਸਿੰਘ) : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਹਰਿਆਣਾ-ਪੰਜਾਬ ਚੈਪਟਰ ਦੀ ਮੀਟਿੰਗ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਬੈਠਕ 'ਚ 30 ਤੋਂ ਵੱਧ ਕਿਸਾਨ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਦੀ ਇਸ ਗੱਲ ’ਤੇ ਸਹਿਮਤੀ ਬਣੀ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਦਿੱਲੀ ਦੇ ਬਾਰਡਰਾਂ ਤੋਂ ਕਿਸਾਨ ਅੰਦੋਲਨ ਮੁਲਤਵੀ ਕਰਨ ਸਮੇਂ ਜੋ ਲਿਖ਼ਤੀ ਵਾਅਦੇ ਕੀਤੇ ਗਏ ਸਨ, ਉਹ ਸਾਰੇ ਅਧੂਰੇ ਹਨ। ਨਾ ਐੱਮ. ਐੱਸ. ਪੀ. ਗਾਰੰਟੀ ਦਾ ਕਾਨੂੰਨ ਬਣਿਆ, ਨਾ ਹੀ ਅੰਦੋਲਨ ਦੇ ਕੇਸ ਖ਼ਤਮ ਕੀਤੇ ਗਏ ਅਤੇ ਨਾ ਹੀ ਲਖੀਮਪੁਰ ਦੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਮਿਲਿਆ। ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਸਵਾਮੀਨਾਥਨ ਕਮਿਸ਼ਨ ਦੇ ਸੀ 2+50 ਫ਼ੀਸਦੀ ਫਾਰਮੂਲੇ ਅਨੁਸਾਰ ਕਿਸਾਨਾਂ ਦੀ ਕਰਜ਼ਾ ਰਾਹਤ ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ਵੀ ਆਉਣ ਵਾਲੇ ਕੌਮੀ ਅੰਦੋਲਨ ਦੇ ਮੁੱਦਿਆਂ 'ਚ ਪ੍ਰਮੁੱਖਤਾ ਨਾਲ ਰੱਖੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰ ਜ਼ਰਾ ਧਿਆਨ ਦੇਣ, ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ

ਕਿਸਾਨ ਆਗੂਆਂ ਨੇ ਆਬਾਦ ਕੀਤੀਆਂ ਜ਼ਮੀਨਾਂ, ਰੱਦ ਕੀਤੇ ਗਏ ਇੰਤਕਾਲ ਅਤੇ ਦੇਹ ਸ਼ਾਮਲਾਟ ਅਤੇ ਜੁਮਲਾ ਮਾਲਕਾਣ ਦੀਆਂ ਜ਼ਮੀਨਾਂ ਦੇ ਮਸਲਿਆਂ ਅਤੇ ਭੂਮੀ ਗ੍ਰਹਿਣ ਕਾਨੂੰਨ 'ਚ ਤਬਦੀਲੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ ਕਿ ਆਉਣ ਵਾਲੇ ਸਮੇਂ 'ਚ ਹਰਿਆਣਾ-ਪੰਜਾਬ ਦੇ ਕਿਸਾਨ ਇਨ੍ਹਾਂ ਮੁੱਦਿਆਂ ’ਤੇ ਸਾਂਝਾ ਅੰਦੋਲਨ ਕਰਨਗੇ। ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ 11 ਦਸੰਬਰ ਨੂੰ ਸਿੰਘੂ ਸਰਹੱਦ ’ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਸਮੇਤ ਕਿਸਾਨੀ ਸੰਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਇਕ ਰੋਜ਼ਾ ‘ਸ਼ਹੀਦੀ ਸਮਾਗਮ’ ਕਰਵਾਇਆ ਜਾਵੇਗਾ, ਜਿਸ ਵਿਚ ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ ਅਤੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਇਸੇ ਦੌਰਾਨ ਅੰਦੋਲਨ ਅਤੇ ਆਉਣ ਵਾਲੇ ਦੇਸ਼ ਵਿਆਪੀ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਹੁਣ ਸਕੂਲਾਂ ਨੂੰ ਜਾਰੀ ਕੀਤੇ ਗਏ ਇਹ ਹੁਕਮ

ਇਸ ਸਮਾਗਮ 'ਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਭਾਰਤ ਦੇ ਆਗੂਆਂ ਦੀ ਮੀਟਿੰਗ ਸਿੰਘੂ ਬਾਰਡਰ ਵਿਖੇ ਹੋਵੇਗੀ। ਇਸ ਵਿਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਦੇ ਸੀ 2+50 ਫ਼ੀਸਦੀ ਫਾਰਮੂਲੇ ਅਨੁਸਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤੇ ਜਾਣ, ਲਖੀਮਪੁਰ ਦੇ ਸ਼ਹੀਦ ਅਤੇ ਜ਼ਖਮੀ ਕਿਸਾਨਾਂ ਨੂੰ ਇਨਸਾਫ਼ ਦੇਣ, ਜੇਲ੍ਹਾਂ 'ਚ ਬੰਦ ਕਿਸਾਨਾਂ ਨੂੰ ਰਿਹਾਅ ਕਰਨ, ਅਤੇ ਗ੍ਰਹਿ ਰਾਜ ਮੰਤਰੀ ਅਜੈ ਟੈਣੀ ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦੇ ਮੁੱਦਿਆਂ 'ਤੇ ਚਰਚਾ ਕਰਕੇ ਰਣਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : CBSE ਦੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਨੂੰ ਲੈ ਕੇ ਜ਼ਰੂਰੀ ਖ਼ਬਰ

ਜਾਣਕਾਰੀ ਮੁਤਾਬਕ ਮੀਟਿੰਗ ਦੀ ਪ੍ਰਧਾਨਗੀ ਲਖਵਿੰਦਰ ਸਿੰਘ ਸਿਰਸਾ ਨੇ ਕੀਤੀ ਅਤੇ ਮੁੱਖ ਤੌਰ ’ਤੇ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਗੁਰ ਸਾਹਿਬ ਸਿੰਘ ਚਾਟੀਵਿੰਡ, ਸੇਵਾ ਸਿੰਘ ਆਰੀਆ, ਗੁਰਦਾਸ ਸਿੰਘ, ਅਭਿਮਨਿਊ ਕੋਹਾੜ, ਸੁਖਦੇਵ ਸਿੰਘ ਭੋਜਰਾਜ, ਹਰਸੁਲਿੰਦਰ ਸਿੰਘ ਕਿਸ਼ਨਗੜ੍ਹ, ਜਸਵੰਤ ਸਿੰਘ ਪਠਾਨਕੋਟ, ਸੁਖਦੇਵ ਸਿੰਘ, ਆਤਮਾ ਰਾਮ ਝੋਰੜ, ਬਲਜੀਤ ਸਿੰਘ ਤੱਗੜ, ਕਾਕਾ ਸਿੰਘ ਕੋਟੜਾ ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News